ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਦਸੰਬਰ
ਚੀਫ ਖਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਮੀਟਿੰਗ ਵਿਚ ਦੀਵਾਨ ਦੇ ਦੋ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 46 ਨਵੇਂ ਮੈਂਬਰ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਜਿਨ੍ਹਾਂ ਦੋ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕੀਤੀ ਗਈ ਹੈ ਉਨ੍ਹਾਂ ਵਿਚ ਇਕ ਮੁੰਬਈ ਤੋਂ ਸਤਨਾਮ ਸਿੰਘ ਅਤੇ ਅੰਮ੍ਰਿਤਸਰ ਤੋਂ ਅਵਤਾਰ ਸਿੰਘ ਸ਼ਾਮਲ ਹੈ। ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਮੈਂਬਰ ਸਿੱਖ ਸੰਸਥਾ ਖਿਲਾਫ ਪ੍ਰਚਾਰ ਕਰ ਰਹੇ ਸਨ ਅਤੇ ਇਸ ਸਬੰਧ ਵਿਚ ਇਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਸੀ। ਦੀਵਾਨ ਦੇ ਖਾਲੀ ਸਥਾਨਾਂ ’ਤੇ ਹੋਰ ਮੈਂਬਰ ਵੀ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾ ਦੀਵਾਨ ਵਲੋਂ 64 ਨਵੇਂ ਮੈਂਬਰ ਨਾਮਜ਼ਦ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਮੈਂਬਰਾਂ ਖ਼ਿਲਾਫ਼ ਸੰਸਥਾ ਨੂੰ ਸ਼ਿਕਾਇਤਾਂ ਮਿਲੀਆਂ ਸਨ ਜਿਸ ਤੋਂ ਬਾਅਦ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸ ਦੀ ਪੁਸ਼ਟੀ ਦੀਵਾਨ ਦੇ ਪ੍ਰਧਾਨ ਨੇ ਕੀਤੀ ਹੈ।