ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਦਸੰਬਰ
ਕੇਂਦਰ ਸਰਕਾਰ ਪੰਜਾਬ ਨੂੰ ਦਿਹਾਤੀ ਵਿਕਾਸ ਫੰਡ ਜਾਰੀ ਕਰਨ ਵਿੱਚ ਟਾਲ ਮਟੋਲ ਕਰਨ ਲੱਗੀ ਹੈ। ਕੇਂਦਰ ਸਰਕਾਰ ਨੇ ਇਸੇ ਸਾਲ ਅਕਤੂਬਰ ਮਹੀਨੇ ਜਿਣਸਾਂ ਦੀ ਖਰੀਦੋ ਫਰੋਖਤ ’ਤੇ ਦਿੱਤਾ ਜਾਣ ਵਾਲਾ 1200 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਪੰਜਾਬ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪੁਰਾਣੇ ਦਿਹਾਤੀ ਵਿਕਾਸ ਫੰਡਾਂ ਦੀ ਵਰਤੋਂ ਦਾ ਹਿਸਾਬ ਮੰਗਿਆ ਸੀ।
ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨਾਲ ਬਕਾਇਆ ਪੇਂਡੂ ਵਿਕਾਸ ਫੰਡ ਜਾਰੀ ਕਰਾਉਣ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਵਜ਼ੀਰਾਂ ਨੂੰ ਸਿਰਫ਼ ਭਰੋਸਾ ਹੀ ਮਿਲਿਆ ਹੈ। ਕੇਂਦਰ ਸਰਕਾਰ ਨੇ ਫੰਡਾਂ ਦੀ ਜਾਂਚ ਵਿੱਤ ਵਿਭਾਗ ਵੱਲੋਂ ਕੀਤੇ ਜਾਣ ਦੀ ਗੱਲ ਕਹੀ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੇਰ ਸ਼ਾਮ ਖਤਮ ਹੋਈ ਮੀਟਿੰਗ ਮਗਰੋਂ ਦੱਸਿਆ ਕਿ ਕੇਂਦਰ ਸਰਕਾਰ ਦੇ ਕਾਨੂੰਨੀ ਵਿਭਾਗ ਵੱਲੋਂ ਪੰਜਾਬ ਦੇ ਕੇਸ ਦੀ ਪੜਤਾਲ ਕਰ ਲਈ ਗਈ ਹੈ ਅਤੇ ਹੁਣ ਵਿੱਤ ਵਿਭਾਗ ਮਾਮਲੇ ਨੂੰ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਫੰਡ ਜਾਰੀ ਕਰਨ ਵਿੱਚ ਕੇਂਦਰ ਦੇਰੀ ਕਿਉਂ ਕਰ ਰਿਹਾ ਹੈ ਜਦਕਿ ਪਿਛਲੇ ਛੇ ਦਹਾਕਿਆਂ ’ਚ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਫੰਡ ਰੋਕੇ ਜਾਣ ਦੀ ਕੋਈ ਵਜ੍ਹਾ ਵੀ ਨਹੀਂ ਦੱਸ ਰਿਹਾ। ਉਨ੍ਹਾਂ ਦੱਸਿਆ ਕਿ ਜਦੋਂ ਕੇਂਦਰ ਨੇ ਦਿਹਾਤੀ ਵਿਕਾਸ ਫੰਡਾਂ ’ਤੇ ਇਤਰਾਜ਼ ਲਾਏ ਸਨ ਤਾਂ ਪੰਜਾਬ ਸਰਕਾਰ ਨੇ ਅਕਤੂਬਰ ਮਹੀਨੇ ਵਿਚ ਹੀ ਸਾਰੇ ਇਤਰਾਜ਼ ਦੂਰ ਕਰ ਦਿੱਤੇ ਸੀ।