ਦਲਬੀਰ ਸੱਖੋਵਾਲੀਆ
ਬਟਾਲਾ, 4 ਦਸੰਬਰ
ਸ਼੍ਰੋਮਣੀ ਅਕਾਲੀ ਦਲ (ਐੱਸਸੀ ਵਿੰਗ) ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਇੱਥੇ ਇੱਕ ਮੀਟਿੰਗ ‘ਚ ਸ਼ਿਰਕਤ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਵਿਰੋਧੀ ਤਿੰਨ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤਾਂ, ਗ਼ਰੀਬਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬੰਦ ਕਰਨ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਕਾਇਮ ਰਹਿਣਾ ਚਾਹੀਦਾ ਹੈ।
ਸ੍ਰੀ ਰਣੀਕੇ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਲੰਘੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਚੱਲਦਾ ਰਿਹਾ, ਪਰ ਕੇਂਦਰ ਸਰਕਾਰ ਨੇ ਗੰਭੀਰਤਾ ਨਹੀਂ ਦਿਖਾਈ। ਸ੍ਰੀ ਰਣੀਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਚੋਣਾਂ ਦੌਰਾਨ ਦਲਿਤਾਂ ਭਲਾਈ ਲਈ ਕੀਤੇ ਵਾਅਦਿਆਂ ’ਤੇ ਬਾਰੇ ਸਵਾਲ ਕਰਦਿਆਂ ਕਿਹਾ ਕਿ ਹੁਣ ਦਲਿਤ ਗ਼ਰੀਬ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤਕ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਕਈ ਵਿਦਿਅਕ ਅਦਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਤੀਜੇ ਅਤੇ ਸਰਟੀਫਿਕੇਟ ਤੱਕ ਨਹੀਂ ਦਿੱਤੇ ਜਾ ਰਹੇ। ਇਸੇ ਤਰ੍ਹਾਂ ਅਕਾਲੀ ਪੱਖੀ ਦਲਿਤਾਂ ਨੂੰ ਰਾਸ਼ਨ ਤੇ ਹੋਰ ਸਕੀਮਾਂ ’ਚ ਵਿਤਕਰੇ ਦਾ ਸਾਹਮਣਾ ਕਰਨਾ ਪੈਂਦਾ ਹੈ। ਐਸਸੀ ਵਿੰਗ ਦੇ ਮਾਝਾ ਜ਼ੋਨ ਇਚਾਰਜ਼ ਪ੍ਰਗਟ ਸਿੰਘ ਬਨਵਾਲੀਪੁਰ, ਜ਼ਿਲ੍ਹਾ ਪ੍ਰਧਾਨ ਬਖਸ਼ੀਸ ਸਿੰਘ ਡਿਆਲ, ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਵਨੀਕੇ, ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਗੁਲਜ਼ਾਰ ਸਿੰਘ ਜਹਾਂਗੀਰ ਅਤੇ ਡਾ. ਜਗਤਾਰ ਸਿੰਘ ਵੇਈਪੂਈ ਨੇ ਕਿਹਾ ਕਿ ਦਲਿਤਾਂ ਨਾਲ ਹੋ ਵਧੀਕੀਆਂ ਬਰਦਾਸ਼ਤ ਨਹੀਂ ਹੋਣਗੀਆਂ। ਇਸ ਮੌਕੇ ਸੁਖਦੇਵ ਸਿੰਘ, ਮਲਕੀਤ ਸਿੰਘ ਨੌਧਪੁਰ, ਰਣਜੀਤ ਸਿੰਘ ਬਰਵਾਲਾ, ਪੱਪੂ ਘਰਿਆਲਾ, ਸਰਪੰਚ ਰਣਜੀਤ ਸਿੰਘ, ਤਰਸੇਮ ਸਿੰਘ, ਸਮਸ਼ੇਰ ਸਿੰਘ ਕੋਟਲਾ, ਕੁਲਵਿੰਦਰ ਸਿੰਘ ਸੀਤੂ ਵੀ ਹਾਜ਼ਰ ਸਨ।