ਗਗਨਦੀਪ ਅਰੋੜਾ
ਲੁਧਿਆਣਾ, 24 ਦਸੰਬਰ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਜੰਤਰ ਮੰਤਰ ’ਤੇ ਪਿਛਲੇ 18 ਦਿਨਾਂ ਤੋਂ ਧਰਨੇ ’ਤੇ ਬੈਠੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਦਾ ਸਾਥ ਦੇਣ ਲਈ ਅੱਜ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਿੱਲੀ ਪੁੱਜੇ। ਉਨ੍ਹਾਂ ਨੇ ਲੋਕ ਸਭਾ ਮੈਂਬਰਾਂ ਦੇ ਨਾਲ ਮਿਲ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਮੰਤਰੀ ਆਸ਼ੂ ਨੇ ਧਰਨੇ ’ਤੇ ਬੈਠ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਧਰਨੇ ਦੇ ਰਹੇ ਹਨ, ਉਹ ਲਗਾਤਾਰ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 18 ਦਿਨਾਂ ਤੋਂ ਦਿੱਲੀ ਜੰਤਰ ਮੰਤਰ ’ਤੇ ਦਿਨ ਰਾਤ ਧਰਨੇ ’ਤੇ ਬੈਠੇ ਲੋਕ ਸਭਾ ਮੈਂਬਰਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਲੋਕ ਸਭਾ ਦਾ ਸੈਸ਼ਨ ਸੱਦ ਕੇ ਪੂਰੇ ਦੇਸ਼ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਲਈ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਾਨੂੰਨਾਂ ਦੀ ਲੋੜ ਨਹੀਂ ਤਾਂ ਸਰਕਾਰ ਜਬਰਦਸਤੀ ਉਨ੍ਹਾਂ ’ਤੇ ਕਾਨੂੰਨ ਕਿਉਂ ਕਾਨੂੰਨ ਥੋਪਣਾ ਚਾਹੁੰਦੀ ਹੈ, ਕਿਸਾਨਾਂ ਦੀ ਮੰਗਾਂ ਨੂੰ ਮੁੱਖ ਰਖਦੇ ਹੋਏ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੂੰ ਰੱਦ ਕਰਨਾ ਚਾਹੀਦੀ ਹੈ।
ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਸਣੇ ਵੱਖ ਵੱਖ ਸੂਬਿਆਂ ਤੋਂ ਕਾਂਗਰਸੀ ਤੇ ਹੋਰ ਆਗੂ ਰੋਜ਼ਾਨਾ ਉਨ੍ਹਾਂ ਦੇ ਧਰਨਿਆਂ ਵਿੱਚ ਪੁੱਜ ਕੇ ਸਾਥ ਦੇ ਰਹੇ ਰਹੇ ਹਨ ਅਤੇ ਉਹ ਜੰਤਰ-ਮੰਤਰ ਤੋਂ ਉਦੋਂ ਤਕ ਨਹੀਂ ਉੱਠਣਗੇ, ਜਦ ਤੱਕ ਕਾਨੂੰਨ ਰੱਦ ਨਹੀਂ ਹੁੰਦੇ।