ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹੇ ਦੇ ਪਿੰਡਾਂ ਵਿਚ ਦੁਪਹਿਰ ਦਾ ਖਾਣਾ ਛੱਡਣ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਕਿਰਤੀ ਕਿਸਾਨ ਯੂਨੀਅਨ ਦੇ ਇਸਤਰੀ ਵਿੰਗ ਦੀ ਅਗਵਾਈ ਹੇਠ ਪਿੰਡ ਉਧੋਵਾਲ ਵਿਚ ਕਿਸਾਨ ਔਰਤਾਂ ਨੇ ਭੁੱਖ ਹੜਤਾਲ ਕਰਕੇ ਤਿੰਨੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਇਸਤਰੀ ਵਿੰਗ ਦੇ ਆਗੂ ਸੁਰਜੀਤ ਕੌਰ ਅਤੇ ਇਸਤਰੀ ਜਾਗ੍ਰਿਤੀ ਮੰਚ ਦੇ ਆਗੂ ਅਨੀਤਾ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੀ ਫਾਸ਼ੀਵਾਦੀ ਸਰਕਾਰ ਕਿਸਾਨ ਅੰਦੋਲਨ ਦੇ ਸਬਰ ਨੂੰ ਪਰਖ ਰਹੀ ਹੈ। ਇਸ ਮੌਕੇ ਮਨਜੀਤ ਕੌਰ, ਗੁਰਦੇਵ ਕੌਰ, ਸੁਖਵਿੰਦਰ ਕੌਰ ਮਾਨ, ਕੁਲਦੀਪ ਕੌਰ, ਕੁਲਵੰਤ ਕੌਰ, ਸੁਰਿੰਦਰ ਕੌਰ, ਦਰਸ਼ਨ ਕੌਰ ਅਤੇ ਦਲਜੀਤ ਕੌਰ ਆਦਿ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਕੰਢੀ ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਕਾਰਕੁਨਾਂ ਵੱਲੋਂ ਪਿੰਡਾਂ ਵਿਚ ਦੁਪਹਿਰ ਦਾ ਖਾਣਾ ਛੱਡ ਕੇ ਰੋਸ ਪ੍ਰਗਟਾਉਣ ਲਈ ਕੀਤੀ ਲਾਮਬੰਦੀ ’ਚ ਲੋਕਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ।
ਮਜ਼ਦੂਰਾਂ ਵਲੋਂ ਕੇਂਦਰ ਖਿਲਾਫ਼ ਪ੍ਰਦਰਸ਼ਨ
ਬੰਗਾ (ਪੱਤਰ ਪੇ੍ਰਕ): ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਰਸੂਲਪੁਰ ਵਿੱਚ ਖੇਤੀ ਕਾਨੂੰਨਾਂ ਵਿਰੋਧ ’ਚ ਮੋਦੀ ਸਰਕਾਰ ਅਤੇ ਅਬਾਨੀ ਅੰਡਾਨੀ ਦਾ ਪੁਤਲਾ ਫੂਕਿਆ ਗਿਆ ਅਤੇ ਪਿੰਡ ਵਿੱਚ ਰੋਸ ਮਾਰਚ ਵੀ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਯੂਨੀਅਨ ਦੇ ਆਗੂ ਹਰੀ ਰਾਮ ਰਸੂਲਪੁਰੀ ਨੇ ਸੰਬੋਧਨ ਕੀਤਾ ਤੇ ਵੱਧ ਤੋਂ ਵੱਧ ਗਿਣਤੀ ਵਿੱਚ ਸੰਘਰਸ਼ ਦੀ ਹਮਾਇਤ ਵਿੱਚ ਦਿੱਲੀ ਜਾਣ ਜਾਂ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਸਮੂੁਲੀਅਤ ਕਰਨ ਦੀ ਮਜ਼ਦੂਰਾਂ ਨੂੰ ਅਪੀਲ ਕੀਤੀ। ਇਸ ਮੌਕੇ ਪਰਮਜੀਤ, ਕ੍ਰਿਸ਼ਨ ਲਾਲ, ਮੇਜ਼ਰ ਦਾਸ, ਰੇਸ਼ਮ ਲਾਲ, ਸਤਨਾਮ ਸਿੰਘ, ਜਸਵੀਰ ਸਿੰਘ, ਸੁੱਚਾ ਸਿੰਘ, ਗੁਰਚੇਨ ਸਿੰਘ, ਮਹਿਤਾਬ ਸਿੰਘ, ਜਗਤਾਰ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰੋਫੈਸਰਾਂ ਵੱਲੋਂ ਧਰਨਾ
ਮੁਕੇਰੀਆਂ (ਪੱਤਰ ਪੇ੍ਰਕ): ਕਿਸਾਨ ਦਿਵਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸਮੂਹ ਟੀਚਿੰਗ ਸਟਾਫ਼ ਵਲੋਂ ਕੇਂਦਰ ਸਰਕਾਰ ਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਰਾਜਾਂ ਦੇ ਸਾਰੇ ਅਧਿਕਾਰ ਖੋਹਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਜਿਸ ਨਾਲ ਰਾਜਾਂ ਦੀਆ ਸ਼ਕਤੀਆਂ ਖ਼ਤਮ ਹੁੰਦੀਆਂ ਜਾ ਰਹੀਆਂ ਹਨ। ਉਹਨਾਂ ਖੇਤੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਕਿਸਾਨ ਵਿਰੋਧੀ ਦੱਸਿਆ। ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਕੁਝ ਕੁ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਧਰਨੇ ਦੌਰਾਨ ਪ੍ਰੋਫੈਸਰ ਗੁਰਪਿੰਦਰ ਸਿੰਘ, ਡਾ. ਮਲਕੀਤ ਸਿੰਘ, ਪ੍ਰੋ. ਅਮਨਪ੍ਰੀਤ ਸਿੰਘ, ਪ੍ਰੋ. ਸੰਜੀਵ ਸਿੰਘ , ਡਾ. ਕੇਵਲ ਸਿੰਘ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ।