ਨਵੀਂ ਦਿੱਲੀ, 6 ਨਵੰਬਰ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸੂਬੇ ਨੂੰ ਕਾਂਗਰਸ ਨਿਘਾਰ ਵੱਲ ਲਿਜਾ ਰਹੀ ਹੈ ਤੇ ਰਾਜਪਾਲ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਲੋੜ ਹੈ। ਸ੍ਰੀ ਚੁੱਘ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਦੇ ਐਡਵੋਕੇਟ-ਜਨਰਲ ਏਪੀਐੱਸ ਦਿਓਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਦੋਸ਼ ਲਗਾਏ ਹਨ ਕਿ ਉਹ ਸਰਕਾਰ ਦੇ ਕੰਮਾਂ ਵਿੱਚ ਅੜਿਕੇ ਡਾਹ ਰਹੇ ਹਨ ਤੇ ਸਿਆਸੀ ਲਾਹਾ ਲੈਣ ਲਈ ਗਲਤ ਪ੍ਰਚਾਰ ਕਰ ਰਹੇ ਹਨ। ਸ੍ਰੀ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੰਗਾ ਪ੍ਰਸ਼ਾਸਨ ਦੇਣ ਵਿੱਚ ਅਸਫਲ ਸਾਬਤ ਹੋ ਰਹੀ ਹੈ ਕਿਉਂਕਿ ਸੂਬਾਈ ਕਾਂਗਰਸ ਅੰਦਰੂਨੀ ਵਿਵਾਦਾਂ ਵਿੱਚ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਰੱਗ ਮਾਫੀਆ, ਰੇਤ ਮਾਫੀਆ ਤੇ ਸ਼ਰਾਬ ਮਾਫੀਆ ਦਾ ਦਬਦਬਾਅ ਵਧਦਾ ਜਾ ਰਿਹਾ ਹੈ। -ਪੀਟੀਆਈ