ਨਵਕਿਰਨ ਸਿੰਘ
ਮਹਿਲ ਕਲਾਂ, 4 ਦਸੰਬਰ
ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਮਹਿਲ ਕਲਾਂ ਟੌਲ ਪਲਾਜ਼ਾ ਨੇੜੇ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਪਿੰਡ ਧਨੇਰ ਦੇ ਕਿਸਾਨ ਕਾਹਨ ਸਿੰਘ ਦਾ ਸ਼ਰਧਾਂਜਲੀ ਸਮਾਗਮ ਉਸ ਦੇ ਜੱਦੀ ਪਿੰਡ ਧਨੇਰ ਵਿੱਚ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਕਿਸਾਨ ਅਤੇ ਲੋਕ ਪੱਖੀ ਆਗੂਆਂ ਵੱਲੋਂ ਕਾਹਨ ਸਿੰਘ ਧਨੇਰ ਦੇ ਵੱਖ ਵੱਖ ਕਿਸਾਨ ਸੰਘਰਸ਼ਾਂ ਵਿੱਚ ਪਾਏ ਯੋਗਦਾਨ ਦੀ ਚਰਚਾ ਕੀਤੀ ਗਈ ਅਤੇ ਸ਼ਰਧਾਂਜਲੀ ਸਮਾਗਮ ਉਪਰੰਤ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਵੱਲੋਂ ਨਾਟਕ ‘ਉੱਠਣ ਦਾ ਵੇਲਾ’ ਖੇਡਿਆ ਗਿਆ ।
ਬੀਕੇਯੂ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨ ਘੋਲ ਦੇ ਸ਼ਹੀਦ ਕਾਹਨ ਸਿੰਘ ਧਨੇਰ ਦੀ ਕੁਰਬਾਨੀ ਨੌਜਵਾਨਾਂ ਅਤੇ ਕਿਸਾਨਾਂ ਲਈ ਇੱਕ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਕਾਹਨ ਸਿੰਘ ਧਨੇਰ ਵਰਗੇ ਸੰਘਰਸ਼ਸ਼ੀਲ ਕਾਰਕੁਨਾਂ ਦੀ ਮਿਹਨਤ ਦਾ ਸਿੱਟਾ ਹੈ ਕਿ ਕਿਸਾਨ ਮੋਦੀ ਤੇ ਖੱਟਰ ਦਾ ਗਰੂਰ ਤੋੜ ਕੇ ਦਿੱਲੀ ਘੇਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਦਬਾਅ ਸਦਕਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਰਾਹੀਂ ਕਿਸਾਨ ਪਰਿਵਾਰ ਨੂੰ ਆਰਥਿਕ ਮਦਦ ਮਿਲੀ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪਰਿਵਾਰ ਨੂੰ ਪੰਜ ਲੱਖ ਹੋਰ ਮਦਦ ਦੇਣ ਦੇ ਨਾਲ-ਨਾਲ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਪ੍ਰਧਾਨ ਨਰੈਣ ਦੱਤ, ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਮਹਿਲ ਕਲਾਂ, ਸੀਪੀਆਈ ਦੇ ਆਗੂ ਸੁਰਿੰਦਰ ਸਿੰਘ ਜਲਾਲਦੀਵਾਲ, ਮਲਕੀਤ ਸਿੰਘ ਮਹਿਲ ਕਲਾਂ, ਅਮਰਜੀਤ ਕੌਰ ਬਰਨਾਲਾ, ਸੁਖਮਿੰਦਰ ਕੌਰ ਧਨੇਰ, ‘ਆਪ’ ਆਗੂ ਮਾਸਟਰ ਪ੍ਰੇਮ ਕੁਮਾਰ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਮੇਲ ਸਿੰਘ ਠੁੱਲੀਵਾਲ ਨੇ ਸੰਬੋਧਨ ਕੀਤਾ।
ਗੁਰਜੰਟ ਸਿੰਘ ਦਾ ਤੀਜੇ ਦਿਨ ਵੀ ਨਾ ਹੋ ਸਕਿਆ ਸਸਕਾਰ
ਮਾਨਸਾ (ਜੋਗਿੰਦਰ ਸਿੰਘ ਮਾਨ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਵੇਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਗੁਰਜੰਟ ਸਿੰਘ (60) ਦੇ ਪਰਿਵਾਰ ਲਈ 5 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕਰ ਦਿੱਤਾ ਹੈ, ਇਸ ਦੇ ਬਾਵਜੂਦ ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਉਸ ਦਾ ਸਸਕਾਰ ਨਹੀਂ ਕੀਤਾ ਗਿਆ। ਜਥੇਬੰਦੀ ਦਾ ਕਹਿਣਾ ਹੈ ਕਿ ਜਿੰਨਾ ਚਿਰ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਓਨਾ ਚਿਰ ਗੁਰਜੰਟ ਸਿੰਘ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਭਾਵੇਂ ਮੁੱਖ ਮੁੰਤਰੀ ਨੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਪਰ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਕੋਈ ਚੈੱਕ ਨਹੀਂ ਦਿੱਤਾ ਗਿਆ ਜਿਸ ਕਰਕੇ ਜਥੇਬੰਦੀ ਵੱਲੋਂ ਸਸਕਾਰ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਕਿਸਾਨ ਦੀ ਦਿੱਲੀ ਵਿਚ ਧਰਨੇ ਦੌਰਾਨ ਹਾਲਤ ਵਿਗੜ ਗਈ ਸੀ ਤੇ ਉਸ ਦੀ ਪੀਜੀਆਈ ਰੋਹਤਕ ਵਿਚ ਮੌਤ ਹੋ ਗਈ ਸੀ।