ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਮੁਹਾਲੀ ਐੱਸਏਐੱਸ (ਨਗਰ), 14 ਸਤੰਬਰ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਹੈ ਕਿ ਵਿਭਾਗ ਵੱਲੋਂ ਲੋਕਾਂ ਨੂੰ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ। ਮੰਤਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜਾਇਦਾਦ ਮਾਲਕਾਂ ਦੀ ਉਨ੍ਹਾਂ ਦੀ ਫਾਈਲ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਤੱਕ ਪਹੁੰਚ ਯਕੀਨੀ ਬਣਾਈ ਹੈ, ਜਿਸ ਨਾਲ ਹੁਣ ਉਹ ਆਪਣੇ ਦਸਤਾਵੇਜ਼ ਸਬੰਧੀ ਵਿਭਾਗੀ ਕਾਰਵਾਈ ਵੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਉਸਾਰੂ ਪ੍ਰਕਿਰਿਆ ਨਾਲ ਵਿਭਾਗ ਦੇ ਕੰਮਕਾਜ ਵਿੱਚ 100 ਫੀਸਦ ਪਾਰਦਰਸ਼ਤਾ ਆਈ ਹੈ ਤੇ ਲੋਕਾਂ ਨੂੰ ਹੁਣ ਫਾਈਲਾਂ ਤੱਕ ਪਹੁੰਚਣ ਲਈ ਆਰਟੀਆਈ ਦਾ ਸਹਾਰਾ ਲੈਣ ਦੀ ਲੋੜ ਨਹੀਂ ਪਵੇਗੀ।
ਬੀਤੀ ਦੇਰ ਸ਼ਾਮ ਇਸ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਮਰੱਥ ਆਨਲਾਈਨ ਸਿਸਟਮ ਤਿਆਰ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਲਾਉਣੇ ਪੈਣ। ਉਹ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਨਾਗਰਿਕ ਸੇਵਾਵਾਂ ਦੇ ਬਕਾਇਆ ਮਾਮਲਿਆਂ ਦੀ ਖ਼ੁਦ ਨਿਗਰਾਨੀ ਕਰਨਗੇ। ਮਹਿਕਮੇ ਵੱਲੋਂ 25 ਸੇਵਾਵਾਂ ਸਬੰਧੀ ਸਾਰੀਆਂ ਅਰਜ਼ੀਆਂ ’ਤੇ ਆਨਲਾਈਨ ਕਾਰਵਾਈ ਕੀਤੀ ਜਾ ਰਹੀ ਹੈ। ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਅਜਿਹਾ ਸਿਸਟਮ ਬਣਾਉਣ, ਜਿਸ ਨਾਲ ਲੋਕ ਬਿਲਡਿੰਗ ਪਲਾਨ ਦੀ ਮਨਜ਼ੂਰੀ ਸਬੰਧੀ ਸੇਵਾ ਦਾ ਵੀ ਆਨਲਾਈਨ ਲਾਭ ਲੈ ਸਕਣ।