ਲਖਨਊ, 9 ਜਨਵਰੀ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋਣ ਤੋਂ ਇੱਕ ਦਿਨ ਬਾਅਦ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਨੂੰ ਧਾਰਮਿਕ ਰੰਗਤ ਦੇ ਕੇ ਰਾਜਨੀਤੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ।
ਬਸਪਾ ਮੁਖੀ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਜਾਂ ’ਚ ਚੋਣਾਂ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ ਕਿ ਚੋਣ ਕਮਿਸ਼ਨ ਆਦਰਸ਼ ਚੋਣ ਜ਼ਾਬਤੇ ਨੂੰ ਪੂਰੀ ਸਖਤੀ ਨਾਲ ਲਾਗੂ ਕਰਨ ਲਈ ਕਦਮ ਚੁੱਕੇ ਤਾਂ ਜੋ ਆਮ ਲੋਕਾਂ ’ਚ ਆਜ਼ਾਦੀ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਦੇ ਸਬੰਧ ’ਚ ਭਰੋਸਾ ਕਾਇਮ ਹੋ ਸਕੇ। ਉਨ੍ਹਾਂ ਦੋਸ਼ ਲਾਇਆ, ‘ਪਿਛਲੇ ਕੁਝ ਸਾਲਾਂ ’ਚ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਗੜਬੜੀ ਅਤੇ ਸੱਤਾ ਤੇ ਧਰਮ ਦਾ ਚੋਣਾਂ ਦੌਰਾਨ ਲਾਹਾ ਲੈਣ ਲਈ ਨਾਜਾਇਜ਼ ਕੰਮ ਕਰਨ ਦੀ ਪ੍ਰਵਿਰਤੀ ਵਧੀ ਹੈ।’ ਉੱਤਰ ਪ੍ਰਦੇਸ਼ ਦੀ ਚਾਰ ਵਾਰ ਮੁੱਖ ਮੰਤਰੀ ਰਹੀ ਮਾਇਆਵਤੀ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਪੱਖਪਾਤੀ ਰਵੱਈਏ ਕਾਰਨ ਸੂਬੇ ’ਚ ਅਪਰਾਧੀਆਂ ਦਾ ਜੰਗਲਰਾਜ ਹੈ ਅਤੇ ਹਰ ਵਰਗ ਦੇ ਲੋਕ ਦੁਖੀ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨਾ ਹੋਈ ਤੇ ਵੋਟਿੰਗ ਮਸ਼ੀਨਾਂ ਨਾਲ ਗੜਬੜ ਨਾ ਕੀਤੀ ਗਈ ਤਾਂ ਇਨ੍ਹਾਂ ਚੋਣਾਂ ’ਚ ਭਾਜਪਾ ਸੱਤਾ ਤੋਂ ਬਾਹਰ ਹੋ ਜਾਵੇਗੀ। -ਪੀਟੀਆਈ