ਪੱਤਰ ਪ੍ਰੇਰਕ
ਮਹਿਲ ਕਲਾਂ, 21 ਜੂਨ
ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਅੱਜ ਪਿੰਡ ਚੁਹਾਣਕੇ ਕਲਾਂ ਵਿੱਚ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚੇ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚੇ ਦੇ ਜ਼ਿਲ੍ਹਾ ਵਿੱਤ ਸਕੱਤਰ ਸ਼ਿੰਗਾਰਾ ਸਿੰਘ ਚੁਹਾਣਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਮਜ਼ਦੂਰਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ ਤੇ ਮੁੱਖ ਮੰਤਰੀ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਨਾਲ ਵਿਤਕਰਾ ਕੀਤਾ ਤੇ ਹੁਣ ਨਵੀਂ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਦੇ ਰਾਹ ਪਈ ਨਜ਼ਰ ਆ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 24 ਜੂਨ ਨੂੰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵੱਲ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਚੁਹਾਣਕੇ ਪਿੰਡ ਦੇ ਮਜ਼ਦੂਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮਹਿੰਦਰ ਸਿੰਘ, ਬਲਦੇਵ ਸਿੰਘ, ਰਾਜ ਸਿੰਘ, ਜਗਰੂਪ ਸਿੰਘ ਆਦਿ ਹਾਜ਼ਰ ਸਨ।