ਨਵੀਂ ਦਿੱਲੀ: ਦਲਿਤ ਮਹਿਲਾ ਨਾਲ ਕਥਿਤ ਸਮੂਹਿਕ ਜਬਰ-ਜਨਾਹ ਮਗਰੋਂ ਹੱਤਿਆ ਕੇਸ ਦੀ ਕਵਰੇਜ ਲਈ ਹਾਥਰਸ ਜਾ ਰਹੇ ਕੇਰਲਾ ਆਧਾਰਿਤ ਪੱਤਰਕਾਰ ਸਿੱਦੀਕੀ ਕੱਪਨ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਊੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ ਅਤੇ ਜਸਟਿਸ ਏ ਐੱਸ ਬੋਪੰਨਾ ਤੇ ਵੀ ਵੀ ਰਾਮਾਸੁਬਰਾਮਣੀਅਨ ਦੇ ਬੈਂਚ ਨੇ ਕੇਰਲਾ ਯੂਨੀਅਨ ਆਫ਼ ਵਰਕਿੰਗ ਜਰਨਲਿਸਟ ਦੇ ਵਕੀਲ ਨੂੰ ਸਵਾਲ ਕੀਤਾ ਕਿ ਊਨ੍ਹਾਂ ਅਲਾਹਾਬਾਦ ਹਾਈ ਕੋਰਟ ਨਾ ਜਾ ਕੇ ਸਿੱਧਾ ਸੁਪਰੀਮ ਕੋਰਟ ਦਾ ਰੁਖ ਕਿਊਂ ਕੀਤਾ। ਯੂਨੀਅਨ ਵੱਲੋਂ ਪੇਸ਼ ਹੋਏ ਵਕੀਲ ਕਪਿਲ ਸਿੱਬਲ ਨੇ ਕੱਪਨ ਲਈ ਜ਼ਮਾਨਤ ਮੰਗਦਿਆਂ ਕਿਹਾ ਕਿ ਊਸ ਖ਼ਿਲਾਫ਼ ਕੋਈ ਵੀ ਕੇਸ ਨਹੀਂ ਬਣਦਾ ਹੈ। ਇਸ ’ਤੇ ਬੈਂਚ ਨੇ ਨੋਟਿਸ ਜਾਰੀ ਕਰਦਿਆਂ ਕੇਸ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਊਹ ਅਰਜ਼ੀ ’ਤੇ ਸੁਣਵਾਈ ਚਾਰ ਹਫ਼ਤਿਆਂ ਮਗਰੋਂ ਕਰਨਗੇ ਅਤੇ ਇਸ ਦੌਰਾਨ ਪੱਤਰਕਾਰਾਂ ਦੀ ਜਥੇਬੰਦੀ ਰਾਹਤ ਲਈ ਅਲਾਹਾਬਾਦ ਹਾਈ ਕੋਰਟ ਦਾ ਰੁਖ ਕਰ ਸਕਦੀ ਹੈ। -ਪੀਟੀਆਈ