ਪੱਤਰ ਪ੍ਰੇਰਕ
ਪਟਿਆਲਾ, 19 ਮਈ
ਆਗਾਮੀ 22 ਮਈ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵੱਲੋਂ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਦੀ ਭਰਤੀ ਲਈ ਕਰਵਾਈ ਜਾ ਰਹੀ ਮੁਕਾਬਲੇ ਦੀ ਪ੍ਰੀਖਿਆ ਸਬੰਧੀ ਉਮੀਦਵਾਰਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ (ਪ੍ਰੀਖਿਆਵਾਂ) ਪੀ.ਪੀ.ਐੱਸ.ਸੀ. ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਭਰਤੀ ਪ੍ਰੀਖਿਆ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਮੀਦਵਾਰਾਂ ਦੀ ਸੁਵਿਧਾ ਲਈ ਕਮਿਸ਼ਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਵੱਡੀ ਗਿਣਤੀ ਦੇ ਮੱਦੇਨਜ਼ਰ ਹਰ ਉਮੀਦਵਾਰ ਦੇ ਟਾਈਮ ਸਲਾਟ ਕਮਿਸ਼ਨ ਦੀ ਵੈੱਬਸਾਈਟ ‘ਤੇ 17 ਮਈ ਨੂੰ ਅੱਪਲੋਡ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੇ ਨਿਰਧਾਰਿਤ ਪ੍ਰੀਖਿਆ ਸੈਂਟਰ ਵਿਖੇ ਸਮੇਂ ਸਿਰ ਪਹੁੰਚ ਜਾਣ ਕਿਉਂਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਯਾਨੀ ਕਿ ਠੀਕ ਦੁਪਹਿਰ 12:00 ਵਜੇ ਤੋਂ ਬਾਅਦ ਕਿਸੇ ਨੂੰ ਵੀ ਪ੍ਰੀਖਿਆ ਸੈਂਟਰ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ।