ਹਰਪ੍ਰੀਤ ਕੌਰ
ਹੁਸ਼ਿਆਰਪੁਰ, 21 ਅਗਸਤ
ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਦੇਸ਼ ਰਾਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਸਰਗਰਮੀ ਨਾਲ ਛਾਪੇ ਮਾਰੇ ਜਾ ਰਹੇ ਹਨ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਵਿਭਾਗ ਦੀ ਇਕ ਟੀਮ ਨੇ ਹਰਿਆਣਾ ਅਤੇ ਖੁੱਡਾ ਇਲਾਕਿਆਂ ਵਿੱਚ ਛਾਪੇ ਮਾਰ ਕੇ ਦੁੱਧ ਅਤੇ ਮਠਿਆਈਆਂ ਦੇ ਨਮੂਨੇ ਭਰੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਦੇ 5 ਅਤੇ 2 ਨਮੂਨੇ ਮਠਿਆਈਆਂ ਦੇ ਭਰੇ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਫ਼ੂਡ ਲੈਬਾਰਟਰੀ ਖਰੜ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਮੂਨਿਆਂ ਦੀ ਰਿਪੋਰਟ ਆਉਣ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹ ਕਾਰਵਾਈ 26 ਅਗਸਤ ਤੱਕ ਜਾਰੀ ਰਹੇਗੀ। ਉਨ੍ਹਾਂ ਨੇ ਦੁੱਧ ਅਤੇ ਮਠਿਆਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਮਿਆਰੀ ਦੁੱਧ ਅਤੇ ਮਠਿਆਈਆਂ ਨੂੰ ਵੇਚਣਾ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਨਾਲ ਫ਼ੂਡ ਸੇਫ਼ਟੀ ਅਫ਼ਸਰ ਰਮਨ ਵਿਰਦੀ ਵੀ ਹਾਜ਼ਰ ਸਨ।