ਪੱਤਰ ਪ੍ਰੇਰਕ
ਤਰਨ ਤਾਰਨ, 5 ਮਾਰਚ
ਆਮ ਆਦਮੀ ਪਾਰਟੀ ਵਲੋਂ ਰੂਸ-ਯੂਕਰੇਨ ਯੁੱਧ ਵਿੱਚ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਅੱਜ ਇੱਥੇ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਪਾਰਟੀ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਕੀਤੀ| ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਰੂਸ ਵਲੋਂ ਯੂਕਰੇਨ ’ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ। ਇਸ ਮੌਕੇ ਸ੍ਰੀ ਸੋਹਲ ਨੇ ਕਿਹਾ ਕਿ ਰੂਸ ਨੂੰ ਕਿਸੇ ਦੇਸ਼ ਦੀ ਪ੍ਰਭੂਸੱਤਾ ’ਤੇ ਹਮਲਾ ਕਰਨ ਦੀ ਆਗਿਆ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਹਮਲੇ ਦਾ ਮਾਰੂ ਅਸਰ ਕੇਵਲ ਯੂਕਰੇਨ ’ਤੇ ਹੀ ਨਹੀਂ ਇਸ ਨਾਲ ਹੋਰਨਾਂ ਦੇਸ਼ਾਂ ਦੀ ਆਰਥਿਕਤਾ ’ਤੇ ਵੀ ਮਾੜਾ ਅਸਰ ਪਿਆ ਹੈ| ਉਨ੍ਹਾਂ ਸੰਯੁਕਤ ਰਾਸ਼ਟਰ ਦੇ ਦੇਸ਼ਾਂ ਨੂੰ ਇਸ ਯੁੱਧ ਨੂੰ ਤੁਰੰਤ ਖ਼ਤਮ ਕਰਵਾਉਣ ਦੀ ਅਪੀਲ ਕੀਤੀ।
ਭਾਜਪਾ ਵੱਲੋਂ ਯੂਕਰੇਨ ਫਸੇ ਪੰਜਾਬੀਆਂ ਲਈ ਹੰਭਲਾ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਭਾਜਪਾ ਆਗੂ ਜੀਵਨ ਗੁਪਤਾ ਨੇ ਦੱਸਿਆ ਕਿ ਪੰਜਾਬ ਤੋਂ 992 ਲੋਕ ਯੂਕਰੇਨ ਗਏ ਹਨ ਅਤੇ ਹੁਣ ਤੱਕ 385 ਲੋਕਾਂ ਦੇ ਪਰਿਵਾਰਾਂ ਨਾਲ ਭਾਜਪਾ ਵੱਲੋਂ ਸੰਪਰਕ ਕੀਤਾ ਜਾ ਚੁੱਕਾ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀਆਂ ਹਦਾਇਤਾਂ ’ਤੇ ਪੰਜ ਮੈਂਬਰੀ ਟੀਮ ਦਾ ਗਠਨ ਕਰ ਕੇ ਦੋ ਵਟਸਐਪ ਨੰਬਰ ਅਤੇ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਭਾਜਪਾ ਆਗੂ ਜੀਵਨ ਗੁਪਤਾ ਨੇ ਕਿਹਾ ਕਿ ਵਟਸਐਪ ਨੰਬਰ 95177-75202 ਅਤੇ 95177-75203 ਅਤੇ ਕਾਲ ਕਰਨ ਲਈ 95177-75204 ਨੰਬਰ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਹਰ ਜ਼ਿਲ੍ਹੇ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਕਮੇਟੀਆਂ ਬਣਾ ਕੇ ਵੀ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਯੂਕਰੇਨ ਅਤੇ ਰੂਸ ਵਿੱਚ ਫਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਪਰੋਕਤ ਹੈਲਪਲਾਈਨ ਨੰਬਰ ’ਤੇ ਕਾਲ ਕਰ ਕੇ ਜਾਂ ਵਟਸਐਪ ਰਾਹੀਂ ਫਸੇ ਵਿਅਕਤੀ ਬਾਰੇ ਜਾਣਕਾਰੀ ਦੇ ਸਕਦੇ ਹਨ।