ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਮਾਰਚ
ਇਥੇ ਰਿਲਾਇੰਸ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਖੇਤੀ ਕਾਨੂੰਨਾਂ ਰੱਦ ਕਰਨ ਲਈ ਪੱਕਾ ਧਰਨਾ ਅੱਜ 175ਵੇਂ ਦਿਨ ’ਚ ਦਾਖਲ ਹੋ ਗਿਆ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਅਤੇ ਦਰਸ਼ਨ ਸਿੰਘ ਚੰਗਾਲੀਵਾਲਾ ਨੇ ਕਿਹਾ ਕਿ 26 ਮਾਰਚ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਅਤੇ ਕਸਬਿਆਂ ਵਿਚ ਜਾ ਕੇ ਕਿਸਾਨਾਂ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬਲਾਕ ਆਗੂ ਹਰਜਿੰਦਰ ਸਿੰਘ ਨੰਗਲਾ, ਬਹਾਦਰ ਸਿੰਘ ਭੁਟਾਲ ਖੁਰਦ, ਮਹਿਲਾ ਆਗੂ ਕਰਮਜੀਤ ਕੌਰ ਭੁਟਾਲ ਕਲਾਂ ਨੇ ਦੱਸਿਆ ਕਿ ਬੰਦ ਦੇ ਸੱਦੇ ’ਤੇ ਗਾਗਾ, ਘੋੜੇਨਬ , ਪਿੰਡਾਂ ਵਿਚ ਕਿਸਾਨ ਔਰਤਾਂ ਦੀਆਂ ਪਿੰਡ ਦੇ ਲੋਕਾਂ ਦੀ ਸਹਿਮਤੀ ਨਾਲ ਇਕਾਈਆਂ ਬਣਾਈਆਂ ਗਈਆਂ ਅਤੇ ਇਲਾਕੇ ਵਿਚ ਨਾਟਕ, ਰੈਲੀਆਂ ਤੇ ਮੀਟਿੰਗਾ ਕਰਕੇ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।