ਪੱਤਰ ਪ੍ਰੇਰਕ
ਗਿੱਦੜਬਾਹਾ, 11 ਦਸੰਬਰ
ਦਿੱਲੀ ਦੇ ਟਿਕਰੀ ਬਾਰਡਰ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਜਿੱਤਣ ਉਪਰੰਤ ਪਿੰਡ ਪਰਤ ਰਹੇ ਹਲਕਾ ਗਿੱਦੜਬਾਹਾ ਦੇ ਦੋ ਕਿਸਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਿੰਡ ਆਸਾ ਬੁੱਟਰ ਦੇ ਦੋ ਹੋਰ ਕਿਸਾਨ ਖੇਤੀ ਅੰਦੋਲਨ ਦੀ ਭੇਟ ਚੜ੍ਹ ਗਏ ਹਨ। ਇਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਰਾਜਾ ਵੜਿੰਗ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਬਣਾਉਣ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਇਸ ਲਈ ਸ੍ਰੀ ਮੁਕਤਸਰ ਸਾਹਿਬ ਜਾਂ ਗਿੱਦੜਬਾਹਾ ਹਲਕੇ ਵਿੱਚ ਉਚਿਤ ਜਗ੍ਹਾ ਦੇਖਣ ਲਈ ਆਖਿਆ। ਇਸ ਮੌਕੇ ਰਾਜਾ ਵੜਿੰਗ ਨੇ ਦਰਜਨ ਦੇ ਕਰੀਬ ਉਨ੍ਹਾਂ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਏ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਸੀ.ਡੀ.ਪੀ.ਓ ਪੰਕਜ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।