ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਮਈ
ਪੇਂਡੂ ਖੇਤਰਾਂ ਵਿੱਚ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ’ਤੇ ਕਾਬੂ ਪਾਉਣ ਦੇ ਮੰਤਵ ਨਾਲ, ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਭਾਰਤ ਨਗਰ ਚੌਕ ਵਿਚ 24 ਘੰਟੇ 7 ਦਿਨ ਨੂੰ ਸਮਰਪਿਤ ਕੋਵਿਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇੱਥੇ ਪਿੰਡਾਂ ਦੇ ਵਸਨੀਕਾਂ ਲਈ ਕੋਵਿਡ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 0161-2403111 ਦੀ ਸ਼ੁਰੂਆਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕੰਟਰੋਲ ਰੂਮ ਅਤੇ ਹੈਲਪਲਾਈਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਕੰਟਰੋਲ ਰੂਮ ਪੇਂਡੂ ਆਬਾਦੀ ਲਈ ਪੂਰੀ ਤਰ੍ਹਾਂ ਸਮਰਪਿਤ ਭਾਵ ਨਾਲ ਕੰਮ ਕਰੇਗਾ ਅਤੇ ਪਿੰਡਾਂ ਦੇ ਵਸਨੀਕ ਕੋਵਿਡ-19 ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਜਾਂ ਪੁੱਛਗਿੱਛ ਲਈ ਫੋਨ ’ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ ਅਤੇ ਹੈਲਪਲਾਈਨ ਹਫ਼ਤੇ ਦੇ ਸੱਤ ਦਿਨ ਤੇ 24 ਘੰਟੇ ਚਾਲੂ ਰਹੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਰੂਮ ਨੂੰ ਤੁਰੰਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਡਾਕਟਰਾਂ, ਕੌਂਸਲਰਾਂ, ਅਧਿਆਪਕਾਂ ਅਤੇ ਨੌਜਵਾਨਾਂ ਦੀ ਟੀਮ ਨੂੰ ਲਗਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਇਸ ਟੀਕਾਕਰਨ ਮੁਹਿੰਮ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਲਗਭਗ ਸਾਰੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਬੇਝਿੱਜਕ ਵੈਕਸੀਨੇਸ਼ਨ ਕਰਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਖਾਰ, ਖੰਘ, ਜ਼ੁਕਾਮ, ਗਲੇ ਵਿਚ ਜ਼ਖਮ ਹੋਣ, ਸਰੀਰ ਦੇ ਦਰਦ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ।