ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਜੁਲਾਈ
ਸੰਯੁਕਤ ਕਿਸਾਨ ਮੋਰਚੇ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਅੱਜ ਜ਼ਿਲ੍ਹਾ ਪੱਧਰੀ ਕਾਨਫਰੰਸ ਕੀਤੀ ਗਈ ਜਿਸ ਦੀ ਪ੍ਰਧਾਨਗੀ ਭਾਕਿਯੂ ਏਕਤਾ ਡਕੌਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸੇਖੋਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉੱਦਮ ਸਿੰਘ ਸ਼ੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਪੁੰਨਾਂਵਾਲ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਲੇਹਲ ਕਲਾਂ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਆਗੂ ਹਰਦੇਵ ਸਿੰਘ ਬਖਸ਼ੀਵਾਲਾ ਅਤੇ ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਆਗੂ ਵਰਿੰਦਰਪਾਲ ਸਿੰਘ ਬਰੜਵਾਲ ਨੇ ਕੀਤੀ।
ਕਾਨਫਰੰਸ ਦੌਰਾਨ ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੌਰਾਨ ਕੀਤੇ ਵਾਅਦੇ ਨਾ ਨਿਭਾਉਣ, ਅਗਨੀਪੱਥ ਯੋਜਨਾ ਦਾ ਵਿਰੋਧ, ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ , ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣ, ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲੈਣ ਸਬੰਧੀ ਸੰਘਰਸ਼ ਨੂੰ ਜਾਰੀ ਰੱਖਣ ਲਈ ਅਹਿਦ ਕੀਤਾ ਗਿਆ।
ਕਨਵੈਨਸ਼ਨ ਨੂੰ ਭੁਪਿੰਦਰ ਸਿੰਘ ਲੌਂਗੋਵਾਲ, ਸੁਖਪਾਲ ਕੌਰ ਛਾਜਲੀ, ਅਮਰੀਕ ਸਿੰਘ ਕਾਂਝਲਾ, ਨਿਰਮਲ ਸਿੰਘ ਘਨੌਰ, ਮੰਗਤ ਰਾਮ ਲੌਂਗੋਵਾਲ, ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਉੱਭਾਵਾਲ, ਭੀਮ ਸਿੰਘ ਆਲਮਪੁਰ, ਜਰਨੈਲ ਸਿੰਘ ਜਨਾਲ ਅਤੇ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿੱਚ ਦੇਸ਼ ਪੱਧਰੀ ਅੰਦੋਲਨ ਕੀਤਾ ਸੀ ਜਿਸ ਮਗਰੋਂ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਖੇਤੀ ਕਾਨੂੰਨ ਵਾਪਸ ਲੈਣੇ ਪਏ ਸਨ ਤੇ ਉਸ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਨਹਂੀਂ ਕੀਤੇ ਗਏ ਹਨ।
ਮੈਡੀਕਲ ਕਾਲਜ ਦੀ ਉਸਾਰੀ ’ਚ ਅੜਿੱਕੇ ਡਾਹੁਣ ਵਾਲਿਆਂ ਦਾ ਹੋਵੇਗਾ ਵਿਰੋਧ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਮੰਨੀਆਂ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਐੱਮਐੱਸਪੀ ਕਮੇਟੀ ਤੋਂ ਬਾਹਰ ਰੱਖਣ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਦਾ ਵਤੀਰਾ ਪੰਜਾਬ ਅਤੇ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ 31 ਜੁਲਾਈ ਨੂੰ ਦੇਸ਼ ਵਿਆਪੀ ਚੱਕਾ ਜਾਮ ਕਰਨ ਦੇ ਉਲੀਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ। ਕਨਵੈਨਸਨ ਵਿੰਚ ਮਤਾ ਪੇਸ਼ ਕੀਤਾ ਗਿਆ ਕਿ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਨੂੰ ਰੋਕਣ ਵਾਲਿਆਂ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਰੋਧ ਕੀਤਾ ਜਾਵੇਗਾ।