ਪਵਨ ਗੋਇਲ
ਭੁੱਚੋ ਮੰਡੀ, 13 ਸਤੰਬਰ
ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਵੱਲੋਂ ਅੱਜ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਰੈਲੀ ਕੀਤੀ ਗਈ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਅਤੇ ਅਗਾਮੀ ਸੰਘਰਸ਼ਾਂ ਦੀ ਜਾਣਕਾਰੀ ਦਿੱਤੀ ਗਈ। ਮੋਰਚੇ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 30 ਸਤੰਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ 5 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸਰਕਾਰ ਦੇ ਪੁਤਲੇ ਫੂਕਣਗੇ ਅਤੇ 7 ਅਕਤੂਬਰ ਨੂੰ ਧੂਰੀ ਵਿੱਚ ਰਾਜ ਮਾਰਗ ਜਾਮ ਕੀਤਾ ਜਾਵੇਗਾ। ਥਰਮਲ ਇਕਾਈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੋਰਚੇ ਵੱਲੋਂ ਵੱਖ ਵੱਖ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਹੋਰ ਹੱਕੀ ਮੰਗਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚੋਣ ਹਲਕੇ ਧੂਰੀ ਵਿੱਚ ਹਾਲ ਹੀ ਵਿੱਚ ਰੋਸ ਮਾਰਚ ਕੀਤੇ ਗਏ ਸਨ ਅਤੇ 13 ਸਤੰਬਰ ਤੋਂ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।
ਇਸ ਸੰਘਰਸ਼ ਦੇ ਦਬਾਅ ਸਦਕਾ 12 ਸਤੰਬਰ ਨੂੰ ਵਿੱਤ ਮੰਤਰੀ ਸਰਕਾਰ ਹਰਪਾਲ ਸਿੰਘ ਚੀਮਾ ਵੱਲੋਂ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਸ਼ੇਰ ਸਿੰਘ ਅਤੇ ਹੋਰਨਾਂ ਨਾਲ ਪੈਨਲ ਮੀਟਿੰਗ ਕੀਤੀ ਗਈ। ਇਸ ਵਿੱਚ ਆਗੂਆਂ ਨੇ ਵੱਖ ਵੱਖ ਵਿਭਾਗਾਂ ਵਿੱਚ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਰੱਖੀਆਂ।