ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਪਰੈਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਗੁਰਦੁਆਰੇ ਨੇੜੇ ਆਟੋ ਰਿਕਸ਼ਿਆਂ ਨੂੰ ਨਿਯਮਤ ਕਰਨ ਅਤੇ ਗੁਰੂ ਘਰ ਨੂੰ ਆਉਂਦੀਆਂ ਸੜਕਾਂ ਦੀ ਮੁਰੰਮਤ, ਖੁੱਲ੍ਹਾ ਅਤੇ ਸੁੰਦਰ ਬਣਾਉਣ ਲਈ ਆਖਿਆ ਹੈ। ਕਮਿਸ਼ਨਰ ਸੰਦੀਪ ਰਿਸ਼ੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਿਲੇ। ਇਸ ਮੁਲਾਕਾਤ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਗਰ ਨਿਗਮ ਦੇ ਪ੍ਰਮੁੱਖ ਅਧਿਕਾਰੀ ਨੂੰ ਸੰਗਤਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਦਰਬਾਰ ਸਾਹਿਬ ਆਉਂਦੀ ਸੰਗਤ ਦੀ ਸਹੂਲਤ ਲਈ ਇਸ ਪਾਵਨ ਅਸਥਾਨ ਨੂੰ ਆਉਂਦੇ ਰਸਤਿਆਂ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਰਸਤਿਆਂ ’ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ ਅਤੇ ਆਟੋ ਰਿਕਸ਼ਿਆਂ ਦੀ ਭੀੜ ਕਾਰਨ ਸੰਗਤ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤੇ ਇਸ ਨਾਲ ਸੰਗਤ ਚੰਗਾ ਪ੍ਰਭਾਵ ਲੈ ਕੇ ਨਹੀਂ ਜਾ ਰਹੀ। ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਗੇ।