ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 13 ਸਤੰਬਰ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ, ਓਡੀਐੱਲ ਅਧਿਆਪਕ ਯੂਨੀਅਨ (3442, 7654) ਅਤੇ ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505( ਜੈ ਸਿੰਘ ਵਾਲਾ) ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਅਧਿਆਪਕਾਂ ਨੇ 180 ਈਟੀਟੀ ਅਧਿਆਪਕਾਂ ’ਤੇ ਮੁੱਢਲੀ ਭਰਤੀ ਦੇ ਸਾਰੇ ਲਾਭ ਬਹਾਲ ਕਰਾਉਣ ਅਤੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਦੇ ਕਈ ਕਈ ਸਾਲ ਤੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਦੀ ਮੰਗ ਕੀਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਂ ਇਹ ਮੰਗ ਪੱਤਰ ਤਹਿਸੀਲਦਾਰ ਨੂੰ ਸੌਂਪਿਆ ਗਿਆ। ਡੀਟੀਐੱਫ ਸੂਬਾ ਪ੍ਰਧਾਨ ਬਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਈਟੀਟੀ 6505 ਦੇ ਪ੍ਰਧਾਨ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਧੀਨ ਵੱਖ ਵੱਖ ਅਸਾਮੀਆਂ ’ਤੇ ਕੰਮ ਕਰਦੇ ਅਧਿਆਪਕ ਸਮਾਂ ਰਹਿੰਦੇ ਪੱਕੇ ਹੋ ਗਏ ਪਰ 125 ਦੇ ਕਰੀਬ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨਾਲ ਪੱਖਪਾਤ ਅਤੇ ਬੇਇਨਸਾਫੀ ਕੀਤੀ ਗਈ ਅਤੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਅਦ ਡਿਗਰੀ ਦੇ ਹਵਾਲੇ ਨਾਲ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।