ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 3 ਦਸੰਬਰ
ਟਰੱਕ ਯੂਨੀਅਨ ਭਵਾਨੀਗੜ੍ਹ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਵਿੱਚ ਕਿਸਾਨਾਂ ਨੂੰ ਸ਼ਾਮਲ ਕਰਨ ਲਈ ਆਪਣੇ ਵੱਲੋਂ ਇਕ ਟਰੱਕ ਰੋਜ਼ਾਨਾ ਮੁਫ਼ਤ ਭੇਜਣ ਦਾ ਫੈਸਲਾ ਲਿਆ ਹੈ।
ਇਸ ਸਬੰਧੀ ਟਰੱਕ ਯੂਨੀਅਨ ਦੇ ਪ੍ਰਧਾਨ ਜਗਮੀਤ ਸਿੰਘ ਭੋਲਾ ਬਲਿਆਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਕਾਰਨ ਪੰਜਾਬ ਦੀ ਕਿਸਾਨੀ ਅਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖ਼ਤਮ ਹੋ ਗਿਆ ਤਾਂ ਪੰਜਾਬ ਦੇ ਸਾਰੇ ਕਾਰੋਬਾਰ ਠੱਪ ਹੋ ਕੇ ਰਹਿ ਜਾਣਗੇ, ਇਸ ਲਈ ਇਹ ਸੰਘਰਸ਼ ਸਿਰਫ ਕਿਸਾਨਾਂ ਦਾ ਨਹੀਂ ਸਗੋਂ ਸਾਰੇ ਲੋਕਾਂ ਦਾ ਸਾਂਝਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਜ਼ਾਹਿਰ ਕਰਦੇ ਹੋਏ ਟਰੱਕ ਯੂਨੀਅਨ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਕੋਈ ਵੀ ਵਿਅਕਤੀ ਰੋਜ਼ਾਨਾ ਸਵੇਰ ਸਮੇਂ ਯੂਨੀਅਨ ਵੱਲੋਂ ਭੇਜੇ ਜਾਣ ਵਾਲੇ ਟਰੱਕ ਵਿੱਚ ਜਾ ਸਕਦਾ ਹੈ।