ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 21 ਫਰਵਰੀ
ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨੇ ਦੀ ਅਗਵਾਈ ਸੁਖਵਿੰਦਰ ਕੌਰ, ਰਾਜਿੰਦਰ ਕੌਰ ਅਤੇ ਜਰਨੈਲ ਕੌਰ ਨੇ ਕੀਤੀ। ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੈਂਕ ਮੁਲਾਜ਼ਮਾਂ ਦੀ ਜਥੇਬੰਦੀ ਦੇ ਸਾਬਕਾ ਆਗੂ ਸੱਜਣ ਸਿੰਘ ਨੇ ਕਿਹਾ ਕਿ ਵੱਡੇ ਕਾਰਪੋਰੇਟ ਘਰਾਣੇ ਚੋਣਾਂ ਜਿੱਤਣ ਲਈ ਰਾਜਨੀਤਿਕ ਪਾਰਟੀਆਂ ਉੱਪਰ ਖ਼ਰਚਿਆ ਪੈਸਾ ਕਈ ਗੁਣਾ ਕਰ ਕੇ ਵਸੂਲਣ ਲਈ ਚੋਣ ਜਿੱਤਣ ਤੋਂ ਬਾਅਦ ਆਪਣੇ ਹਿਤ ਵਿੱਚ ਨੀਤੀਆਂ ਬਣਾਉਣ ਲਈ ਦਬਾਅ ਬਣਾਉਂਦੇ ਹਨ। ਜਿਸ ਦਾ ਨਤੀਜਾ ਸਾਡੇ ਸਾਹਮਣੇ ਹੈ। ਕਿਸਾਨ ਆਗੂ ਜਗਤਾਰ ਸਿੰਘ ਚਕੋਹੀ, ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਜਨਵਾਦੀ ਇਸਤਰੀ ਸਭਾ ਕਿਲ੍ਹਾ ਰਾਏਪੁਰ ਦੀ ਪ੍ਰਧਾਨ ਪਰਮਜੀਤ ਕੌਰ, ਕੁਲਜੀਤ ਕੌਰ ਗਰੇਵਾਲ਼, ਮਹਿੰਦਰ ਕੌਰ, ਬਲਵਿੰਦਰ ਸਿੰਘ ਜੱਗਾ, ਸੁਰਜੀਤ ਸਿੰਘ ਸੀਲੋ ਨੇ ਵੀ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੋਦੀ ਹਕੂਮਤ ਨੂੰ ਹਠਧਰਮੀ ਛੱਡ ਕੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।