ਸੰਜੀਵ ਹਾਂਡਾ
ਫ਼ਿਰੋਜ਼ਪੁਰ,12 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਭੇਜੇ ਮੀਟਿੰਗ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਰੱਖੀ ਗਈ ਇਸ ਮੀਟਿੰਗ ਵਿਚ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਸੱਦਿਆ ਗਿਆ ਹੈ ਜਦਕਿ ਇਸ ਮੀਟਿੰਗ ਵਿਚ ਦੇਸ਼ ਭਰ ਦੇ ਕਿਸਾਨ ਆਗੂਆਂ ਨੂੰ ਸੱਦਿਆ ਜਾਣਾ ਚਾਹੀਦਾ ਸੀ ਤੇ ਇਹ ਮੀਟਿੰਗ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਆਗੂ ਨੂੰ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਕਿਸ ਲੀਡਰ ਵੱਲੋਂ ਕੀਤੀ ਜਾਣੀ ਚਾਹੀਦੀ ਹੈ ਜਿਸ ਕਰਕੇ ਉਹ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ।
ਉਧਰ ਦੂਜੇ ਪਾਸੇ ਅੱਜ ਜ਼ੀਰਾ ਦੇ ਪਿੰਡ ਲੋਹਕੇ ਕਲਾਂ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਮੰਡੀ ਵਿਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ ਲਾਹ ਕੇ ਸੁੱਟ ਦਿੱਤੇ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਹੋਰਡਿੰਗ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੋਈ ਸੀ।
ਕਿਸਾਨ ਆਗੂ ਬਲਵਿੰਦਰ ਸਿੰਘ ਤੇ ਸੁਖਵੰਤ ਸਿੰਘ ਲੋਹਕਾ ਨੇ ਦੱਸਿਆ ਕਿ ਪਿਛਲੇ ਸਾਲ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ ਸੀ, ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਅਜੇ ਤੱਕ ਮੁਆਵਜ਼ਾ ਜਾਰੀ ਨਹੀਂ ਕੀਤਾ। ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਦੇ ਸੰਦ ਵੀ ਅਜੇ ਤੱਕ ਮੁਹੱਈਆ ਨਹੀਂ ਕਰਵਾਏ ਗਏ। ਇਸ ਮੌਕੇ ਬਲਜੀਤ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਮਹਿਲ ਸਿੰਘ, ਸੁਰਜਨ ਸਿੰਘ ਆਦਿ ਆਗੂ ਮੌਜੂਦ ਸਨ।