ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 11 ਅਕਤੂਬਰ
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਗੁਣਾਤਮਕ ਵਿਕਾਸ ਲਈ ਪਹਿਲਕਦਮੀ ਕਰਦਿਆਂ ਅੰਗਰੇਜ਼ੀ ਬੂਸਟਰ ਕਲੱਬ ਬਣਾਉਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਦੇ ਉਚਾਰਣ ਸਮੇਂ ਝਿਜਕ ਅਤੇ ਡਰ ਖਤਮ ਕਰਨ ਦੇ ਨਾਲ਼-ਨਾਲ਼ ਵਿਦਿਆਰਥੀਆਂ ਨੂੰ ਭਾਸ਼ਾ ਕੌਸ਼ਲਾਂ ਵਿੱਚ ਨਿਪੁੰਨ ਬਣਾਉਣਾ ਹੈ। ਇਹ ਕਲੱਬ ਬਣਾਉਣ ਦੀ ਸ਼ੁਰੂਆਤ 12 ਅਕਤੂਬਰ ਤੋਂ ਕੀਤੀ ਜਾ ਰਹੀ ਹੈ। ਸਟੇਟ ਰਿਸੋਰਸਪਰਸਨ ਚੰਦਰ ਸ਼ੇਖਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਨਿੱਜੀ ਸਕੂਲਾਂ ਵਿੱਚੋਂ ਬਹੁਤ ਸਾਰੇ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦੇ ਤਜਰਬੇਕਾਰ ਅਧਿਆਪਕਾਂ ਅਤੇ ਪੜ੍ਹਾਉਣ ਦੀਆਂ ਵਿਧੀਆਂ ’ਚ ਵਿਸ਼ਵਾਸ਼ ਪ੍ਰਗਟਾਇਆ ਹੈ। ਇਸੇ ਵਿਸ਼ਵਾਸ਼ ਨੂੰ ਕਾਇਮ ਰੱਖਣ ਲਈ ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਅਧਿਆਪਕਾਂ ਨੇ ਬੂਸਟਰ ਕਲੱਬ ਬਣਾਉਣ ਦੀ ਸ਼ੁਰੂਆਤ ਕੀਤੀ ਹੈ।
ਅੰਗਰੇਜ਼ੀ ਦੇ ਜ਼ਿਲ੍ਹਾ ਮੈਂਟਰ ਪਟਿਆਲਾ ਕੁਲਬੀਰ ਕੌਰ ਨੇ ਕਿਹਾ ਕਿ ਅੰਗਰੇਜ਼ੀ ਅਧਿਆਪਕਾਂ ਵੱਲੋਂ 12 ਅਕਤੂਬਰ ਤੋਂ ਬੂਸਟਰ ਕਲੱਬ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਲਾ ਮੈਂਟਰਜ਼ ਅਤੇ ਬਲਾਕ ਮੈਂਟਰਜ਼ ਵੱਲੋਂ ਅੰਗਰੇਜ਼ੀ ਬੂਸਟਰ ਕਲੱਬ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪਰੇਖਾ ਵੀ ਤਿਆਰ ਕਰ ਲਈ ਗਈ ਹੈ।ਇਸ ਸਬੰਧੀ ਬਲਾਕ ਮੈਂਟਰ ਸੁਖਦੇਵ ਸਿੰਘ ਨੇ ਕਿਹਾ ਕਿ ਬੂਸਟਰ ਕਲੱਬ ਸਥਾਪਤ ਕਰਨ ਦਾ ਕੰਮ ਦੋ ਪੜਾਵਾਂ ਵਿੱਚ ਹੋਵੇਗਾ ਜਿਸਦਾ ਪਹਿਲਾ ਪੜਾਅ ਇੱਕ ਮਹੀਨੇ ਦਾ ਹੋਵੇਗਾ ਜਿਸ ਤਹਿਤ ਸਕੂਲ, ਬਲਾਕ, ਜ਼ਿਲਾ ਅਤੇ ਰਾਜ ਪੱਧਰ ’ਤੇ ਬੂਸਟਰ ਕਲੱਬ ਸਥਾਪਤ ਕਰਨਾ ਅਤੇ ਇਸ ਕਲੱਬ ਵਿੱਚ ਸ਼ਾਮਲ ਬੱਚਿਆਂ ਨੂੰ ਆਡੀਓ ਅਤੇ ਹੋਰ ਸਿੱਖਣ ਸਹਾਇਕ ਸਮੱਗਰੀ ਦੀ ਵਰਤੋਂ ਕਰਕੇ ਸਥਿਤੀ ਅਨੁਸਾਰ ਸਾਧਾਰਨ ਵਾਕ ਬੋਲਣ ਲਈ ਉਤਸ਼ਾਹਿਤ ਕਰਨਾ ਹੋਵੇਗਾ।