ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਮਾਰਚ
ਬੀਬੀਐੱਮਬੀ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਖ਼ਿਲਾਫ਼ ਆਮ ਆਦਮੀ ਪਾਰਟੀ ਆਗੂਆਂ ਅਤੇ ਵਾਲੰਟੀਅਰਾਂ ਨੇ ਅੱਜ ਇੱਥੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੌਂਪਿਆ।
‘ਆਪ’ ਦੇ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸੰਘੀ ਢਾਂਚੇ ਦੀ ਪ੍ਰਵਾਹ ਕੀਤੇ ਬਗ਼ੈਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ’ਚੋਂ ਪੰਜਾਬ ਦੀ ਦਾਅਵੇਦਾਰੀ ਖ਼ਤਮ ਕੀਤੀ ਗਈ। ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ‘ਆਪ’ ਕਦੇ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਤਾਨਾਸ਼ਾਹੀ ਖ਼ਿਲਾਫ਼ ਸੂਬੇ ਵਿੱਚ ਜਨ ਅੰਦੋਲਨ ਸ਼ੁਰੂ ਕਰੇਗੀ। ਇਸ ਮੌਕੇ ‘ਆਪ’ ਦੀ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੋਤ ਕੌਰ, ਕੁਲਜੀਤ ਸਿੰਘ ਰੰਧਾਵਾ, ਵਪਾਰ ਮੰਡਲ ਪੰਜਾਬ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ, ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਆਦਿ ਨੇ ਵੀ ਸੰਬੋਧਨ ਕੀਤਾ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵਲੋਂ ਬੀਬੀਐੱਮਬੀ ਦੇ ਮੁੱਦੇ ’ਤੇ ਅੱਜ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਬਿੜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਅਜੈ ਸਿੰਘ ਲਬਿੜਾ, ‘ਆਪ’ ਉਮੀਦਵਾਰ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਰੁਪਿੰਦਰ ਸਿੰਘ ਹੈਪੀ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫ਼ਲ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਰੂਪਨਗਰ (ਪੱਤਰ ਪ੍ਰੇਰਕ): ਬੀਬੀਐੱਮਬੀ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਖ਼ਿਲਾਫ਼ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ।
ਕੇਂਦਰ ਸਰਕਾਰ ਦੀ ਨਿਖੇਧੀ
ਮੁੱਲਾਂਪੁਰ ਗ਼ਰੀਬਦਾਸ (ਪੱਤਰ ਪ੍ਰੇਰਕ): ਪਿੰਡ ਕਰਤਾਰਪੁਰ ਵਿਖੇ ਸਮਾਜਸੇਵੀ ਬੈਨੀਪਾਲ ਗਰੁੱਪ ਦੇ ਸਮੂਹ ਮੈਂਬਰਾਂ ਵੱਲੋਂ ਜ਼ਰੂਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਬੀਬੀਐੱਮਬੀ ਵੱਲੋਂ ਪੰਜਾਬ ਤੇ ਹਰਿਆਣਾ ਦੇ ਸਥਾਈ ਮੈਂਬਰਾਂ ਨੂੰ ਇਸ ਦੇ ਪ੍ਰਬੰਧਕੀ ਬੋਰਡ ਵਿੱਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਦਲਵਿੰਦਰ ਸਿੰਘ ਬੈਨੀਪਾਲ ਕਰਤਾਰਪੁਰ, ਲਖਬੀਰ ਸਿੰਘ ਜੈਂਟੀ ਆਦਿ ਹਾਜ਼ਰ ਸਨ।