ਸਤਵਿੰਦਰ ਬਸਰਾ
ਲੁਧਿਆਣਾ, 7 ਜਨਵਰੀ
ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿੱਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰੋ. ਕਰਤਾਰ ਸਿੰਘ ਦੀ ਨਿੱਘੀ ਯਾਦ ਨੂੰ ਸਦੀਵੀ ਤੌਰ ’ਤੇ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਗੁਰਮਤਿ ਸੰਗੀਤ ਅਕੈਡਮੀ ਆਨੰਦਪੁਰ ਸਾਹਿਬ ਦਾ ਨਾਮ ਪ੍ਰੋ. ਕਰਤਾਰ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰਮਤਿ ਸੰਗੀਤ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪ੍ਰੋ. ਕਰਤਾਰ ਸਿੰਘ ਦੇ ਕਾਰਜਾਂ ਤੋਂ ਸੇਧ ਲੈ ਕੇ ਪੁਰਤਾਨ ਕੀਰਤਨ ਸ਼ੈਲੀ ਵਿਚ ਨਿਪੁੰਨ ਹੋ ਸਕਣਗੇ। ਇਸ ਮੌਕੇ ਉਕਤ ਸ਼ਖਸੀਅਤਾਂ ਤੋਂ ਇਲਾਵਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਜਵੱਦੀ ਟਕਸਾਲ ਦੇ ਮੁਖੀ ਬਾਬਾ ਅਮੀਰ ਸਿੰਘ ਨੇ ਵੀ ਪ੍ਰੋ. ਕਰਤਾਰ ਸਿੰਘ ਨੂੰ ਆਪਣਾ ਸਤਿਕਾਰ ਭੇਟ ਕੀਤਾ। ਸ਼ਰਧਾਂਜਲੀ ਦੇਣ ਵਾਲਿਆਂ ’ਚ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਵੱਲੋਂ ਪ੍ਰੋ. ਕਰਤਾਰ ਸਿੰਘ ਦੇ ਪੁੱਤਰਾਂ ਐਡਵੋਕੇਟ ਅਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਵਰਗੀ ਪੁੱਤਰ ਇੰਦਰਪਾਲ ਸਿੰਘ ਦੇ ਬੇਟੇ ਨੂੰ ਦਸਤਾਰਾਂ ਭੇਟ ਕੀਤੀਆਂ। ਇਸ ਤੋਂ ਪਹਿਲਾਂ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਪ੍ਰੋ. ਕਰਤਾਰ ਸਿੰਘ ਤੋਂ ਗੁਰਮਤਿ ਸੰਗੀਤ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਅੰਤਿਮ ਅਰਦਾਸ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਗੁਰਵਿੰਦਰ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਬਾਬਾ ਅਜੀਤ ਸਿੰਘ, ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਹਰਭਜਨ ਸਿੰਘ ਡੰਗ, ਬਲਵਿੰਦਰ ਸਿੰਘ ਭੁੱਲਰ, ਡਾ. ਅਨੁਰਾਗ ਸਿੰਘ ਤੇ ਹੋਰ ਹਾਜ਼ਰ ਸਨ।