ਨਵੀਂ ਦਿੱਲੀ, 3 ਨਵੰਬਰ
ਕੇਂਦਰੀ ਸਿਹਤ ਮੰਤਰਾਲੇ ਨੇ ਆਪਣੇ ਮਾਹਿਰਾਂ ਦੀਆਂ ਟੀਮਾਂ ਉਨ੍ਹਾਂ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭੇਜੀਆਂ ਹਨ, ਜਿਨ੍ਹਾਂ ਵਿੱਚ ਡੇਂਗੂ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਟੀਮਾਂ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਅਤੇ ਸਹਿਯੋਗ ਕਰਨ ਦਾ ਕੰਮ ਸੌਂਪਿਆ ਗਿਆ ਹੈ। ਸਿਹਤ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਇਹ ਕਦਮ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਦਿੱਲੀ ਵਿੱਚ ਡੇਂਗੂ ਦੀ ਸਥਿਤੀ ਦੀ ਸਮੀਖਿਆ ਮੀਟਿੰਗ ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੁੱਕਿਆ ਗਿਆ ਹੈ। ਇਹ ਨੌਂ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਹਰਿਆਣਾ, ਕੇਰਲ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਉੱਤਰ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਜੰਮੂ ਅਤੇ ਕਸ਼ਮੀਰ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਂਡਵੀਆ ਨੇ ਮੰਤਰਾਲੇ ਨੂੰ ਉਨ੍ਹਾਂ ਰਾਜਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਡੇਂਗੂ ਦੇ ਸਭ ਤੋਂ ਵੱਧ ਕੇਸਾਂ ਦੀ ਰਿਪੋਰਟ ਕਰ ਰਹੇ ਹਨ। ਦੇਸ਼ ਵਿੱਚ ਹੁਣ ਤੱਕ ਡੇਂਗੂ ਦੇ 1,16,991 ਮਾਮਲੇ ਸਾਹਮਣੇ ਆ ਚੁੱਕੇ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਕਤੂਬਰ ਵਿੱਚ ਕੁੱਝ ਰਾਜਾਂ ਵਿੱਚ ਡੇਂਗੂ ਦੇ ਕੇਸ ਪਿਛਲੇ ਸਾਲ ਦੀ ਇਸੇ ਮਿਆਦ ਵਿੱਚ ਦਰਜ ਕੀਤੇ ਗਏ ਮਾਮਲਿਆਂ ਨਾਲੋਂ ਬਹੁਤ ਜ਼ਿਆਦਾ ਹਨ।