ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਜੂਨ
ਵਿਸ਼ਵ ਸਿਹਤ ਸੰਗਠਨ ਦੇ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਵੱਲੋਂ ਅੱਜ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿਚ ਰਣਜੀਤ ਐਵੀਨਿਊ ਵਿਚ ਸੈਟੇਲਾਈਟ ਹਸਪਤਾਲ ਵਿਚ ਇਕ ਆਟੋ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵੱਲੋਂ ਇਕ ਛੋਟੇ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਸਿਵਲ ਸਰਜਨ ਨੇ ਦੱਸਿਆ ਕਿ ਇਹ ਤਿੰਨ ਦਿਨਾ ਮੁਹਿੰਮ 19, 20 ਅਤੇ 21 ਜੂਨ ਤਕ ਚਲੇਗੀ ਜਿਸ ਵਿੱਚ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਦੀਆਂ ਇਨ੍ਹਾਂ ਟੀਮਾਂ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਉਨ੍ਹਾਂ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ ਹੈ ਪਰ ਇਸ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਸ ਮੁਹਿੰਮ ਨੂੰ ਨਿਰੰਤਰ ਚਲਾਉਣਾ ਜ਼ਰੂਰੀ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਲਗਪਗ 699 ਟੀਮਾਂ ਜ਼ਿਲ੍ਹੇ ਵਿੱਚ ਲਗਪਗ ਇਕ ਲੱਖ 14 ਹਜ਼ਾਰ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਗੀਆਂ।