ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਦਸੰਬਰ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਰੂਪਨਗਰ ਦੇ ਡਿਵੀਜ਼ਨਲ ਕਮਿਸ਼ਨਰ ਮਨਵੇਸ਼ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਤੋਂ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਸਿੱਧੂ ਨੇ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਪੰਜਾਬ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਸਰਹੱਦੀ ਜ਼ਿਲ੍ਹਿਆਂ ’ਚੋਂ ਨਾਜਾਇਜ਼ ਸ਼ਰਾਬ, ਨਕਦੀ ਅਤੇ ਹਥਿਆਰਾਂ ਦੀ ਆਮਦ ਅਤੇ ਸ਼ਰਾਰਤੀ ਅਨਸਰਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਆਂਢੀ ਰਾਜਾਂ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੰਜਾਬ ਨਾਲ ਮਿਲ ਕੇ ਸਾਂਝੀ ਰਣਨੀਤੀ ਬਣਾਉਣੀ ਚਾਹੀਦੀ ਹੈ, ਤਾਂ ਜੋ ਵਧੀਆ ਅੰਤਰਰਾਜੀ ਤਾਲਮੇਲ ਬਣਾ ਕੇ ਚੋਣ ਅਮਲ ਅਮਨ-ਅਮਾਨ ਨਾਲ ਪੂਰਾ ਕੀਤਾ ਜਾ ਸਕੇ। ਮੁਹਾਲੀ ਦੀ ਡੀਸੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਥਿਤ ਤਸਕਰੀ ਰੋਕਣ ਲਈ ਮੁਹਾਲੀ ਪ੍ਰਸ਼ਾਸਨ ਵੱਲੋਂ 48 ਅੰਤਰਰਾਜੀ ਨਾਕੇ ਲਗਾਏ ਗਏ ਹਨ। ਰੂਪਨਗਰ ਦੀ ਡੀਸੀ ਸੋਨਾਲੀ ਗਿਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਦੋਵਾਂ ਰਾਜਾਂ ਵੱਲੋਂ ਤਾਲਮੇਲ ਤੇ ਸਾਂਝੇ ਅਪਰੇਸ਼ਨ ਦੀ ਲੋੜ ਹੈ।