ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਅਣਮਿੱਥੇ ਸਮੇਂ ਲਈ ਦਿੱਤਾ ਗਿਆ ਧਰਨਾ ਅੱਜ ਵੀ ਜਾਰੀ ਰਿਹਾ। ਇਹ ਧਰਨਾ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਾਇਆ ਜਾ ਰਿਹਾ ਹੈ, ਜੋ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਹਰਜਿੰਦਰ ਸਿੰਘ ਟਾਂਡਾ, ਕੰਵਲਪ੍ਰੀਤ ਸਿੰਘ ਪੰਨੂ ਨੇ ਮੋਦੀ ਸਰਕਾਰ ਵੱਲੋਂ ਲੋਕ ਵਿਰੋਧੀ ਕਾਨੂੰਨ ਬਣਾਉਣ ਦੀ ਆਲੋਚਨਾ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਸਾਨ ਵਿਰੋਧੀ ਕਾਨੂੰਨ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਦੀ ਮੰਗ ਕੀਤੀ।