ਖੇਤਰੀ ਪ੍ਰਤੀਨਿਧ
ਧੂਰੀ, 23 ਸਤੰਬਰ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਕਿਰਤ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਸਬੰਧੀ ਜਥੇਬੰਦੀ ਦੇ ਸਰਕਲ ਪ੍ਰਧਾਨ ਚਮਕੌਰ ਸਿੰਘ, ਸਕੱਤਰ ਚਰਨਜੀਤ ਸਿੰਘ, ਖਜ਼ਾਨਚੀ ਸੰਤੋਖ ਸਿੰਘ ਤੇ ਜਸਬੀਰ ਸਿੰਘ ਭੱਠਲ ਨੇ ਦੱਸਿਆ ਕਿ ਸਰਕਾਰ ਵੱਲੋਂ ਲਾਗੂ ਕੀਤੀ ਨਿੱਜੀਕਰਨ ਦੀ ਨੀਤੀ ਤਹਿਤ ਪ੍ਰਾਈਵੇਟ ਕੰਪਨੀਆਂ ਵੱਲੋਂ ਆਊਟਸੋਰਸਡ ਮੁਲਾਜ਼ਮਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਲਾਈਮੈਨਾਂ ਦੀ ਭਰਤੀ ਤੋਂ ਪਹਿਲਾਂ ਠੇਕਾਂ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਤੇ ਹਾਦਸਿਆਂ ਦੇ ਸ਼ਿਕਾਰ ਮੁਲਾਜ਼ਮਾਂ ਦੇ ਵਾਰਸਾਂ ਦੀ ਵਿੱਤੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ, ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਕਿਰਤ ਮੰਤਰੀ ਦੇ ਦਫਤਰ ਅੱਗ 27 ਸਤੰਬਰ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ। ਇਸੇ ਦੌਰਾਨ ਭਗਤ ਸਿੰਘ ਦਾ ਜਨਮ ਦਿਹਾੜਾ ਵੀ ਮਨਾਇਆ ਜਾਵੇਗਾ।