ਪੱਤਰ ਪ੍ਰੇਰਕ
ਭੁੱਚੋ ਮੰਡੀ, 14 ਸਤੰਬਰ
ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਵਿੱਚੋਂ ਕਥਿਤ ਤੌਰ ’ਤੇ ਨੌਕਰੀ ਤੋਂ ਫ਼ਾਰਗ ਕੀਤੇ ਗਏ ਮੁਲਾਜ਼ਮਾਂ ਦਾ ਮਾਲ ਅੱਗੇ ਚੱਲ ਰਿਹਾ ਪੱਕਾ ਮੋਰਚਾ ਅੱਜ 16ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਵਾਲਮਾਰਟ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨੌਕਰੀਆਂ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਮੁਲਾਜ਼ਮ ਆਗੂ ਜਸਪ੍ਰੀਤ ਸਿੰਘ, ਨਿਰਮਲ ਸ਼ਰਮਾ, ਹਰਮਨ ਸਿੰਘ, ਮਨਪ੍ਰੀਤ ਸਿੰਘ ਸ਼ਰਮਾ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਕੰਪਨੀ ਖ਼ਿਲਾਫ਼ ਜਲਦੀ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਕੰਪਨੀ ਵਿਰੁੱਧ ਆਰਪਾਰ ਦੀ ਲੜਾਈ ਲੜੀ ਜਾਵੇਗੀ, ਜੋ ਨੌਕਰੀਆਂ ਦੀ ਬਹਾਲੀ ਤੱਕ ਜਾਰੀ ਰਹੇਗੀ। ਇਨ੍ਹਾਂ ਮੁਲਾਜ਼ਮਾਂ ਦੇ ਮੋਰਚੇ ਵਿੱਚ ਕਿਸਾਨ ਵੀ ਸ਼ਾਮਲ ਸਨ।