ਪੱਤਰ ਪ੍ਰੇਰਕ
ਬਠਿੰਡਾ, 12 ਨਵੰਬਰ
ਦੀਵਾਲੀ ਦਾ ਤਿਉਹਾਰ ਕਰੀਬ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ੀ ਮੋਰਚਿਆਂ ’ਤੇ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਜ਼ਿਲ੍ਹੇ ’ਚ ਟੌਲ ਪਲਾਜ਼ਾ ਜੀਦਾ ਅਤੇ ਲਹਿਰਾ ਬੇਗਾ, ਰਿਲਾਇੰਸ ਮਾਲ ਬਠਿੰਡਾ ਅਤੇ ਬੈਸਟ ਪਰਾਈਜ਼ ਭੁੱਚੋ ਖੁਰਦ ਸਮੇਤ ਰਿਲਾਇੰਸ ਪੰਪ ਰਾਮਪੁਰਾ ਅੱਗੇ ਸੰਘਰਸ਼ ਜਾਰੀ ਹੈ।
ਸੂਬਾਈ ਸਕੱਤਰ ਹਰਿੰਦਰ ਕੌਰ ਬਿੰਦੂ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾਗੁਰੂ, ਦਰਸ਼ਨ ਸਿੰਘ ਮਾਈਸਰਖਾਨਾ, ਰਾਜਵਿੰਦਰ ਸਿੰਘ ਰਾਮਨਗਰ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿੱਚ ਮਾਲ ਗੱਡੀਆਂ ਰਾਹੀਂ ਜ਼ਰੂਰੀ ਵਸਤਾਂ ਦੀ ਸਪਲਾਈ ਰੋਕ ਕੇ ਲੋਕਾਂ ਦੇ ਧੱਕੇ ਨਾਲ ਹੱਥ ਖੜ੍ਹੇ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਸ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਜ਼ਿਲ੍ਹੇ ਦੇ ਚੱਲ ਰਹੇ ਸਾਰੇ ਮੋਰਚਿਆਂ ਵਿੱਚ ਅਤੇ 17 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
ਇਸ ਮੌਕੇ ਨਿੱਕਾ ਸਿੰਘ ਜੇਠੂਕੇ, ਕੁਲਵੰਤ ਸ਼ਰਮਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਪਾਲਾ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆ, ਕੁਲਵੰਤ ਰਾਏ ਸ਼ਰਮਾ, ਰਾਮ ਸਿੰਘ ਕੋਟ ਗੁਰੂ, ਬਿੰਦਰ ਸਿੰਘ ਜੋਗੇਵਾਲਾ, ਪਰਮਜੀਤ ਕੌਰ ਪਿੱਥੋ ,ਹਰਪ੍ਰੀਤ ਕੌਰ ਜੇਠੂਕੇ , ਕਰਮਜੀਤ ਕੌਰ ਲਹਿਰਾ ਖਾਨਾ ਤੇ ਚਰਨਜੀਤ ਕੌਰ ਭੁੱਚੋ ਖੁਰਦ ਨੇ ਵੀ ਸੰਬੋਧਨ ਕੀਤਾ। ਉਧਰ 30 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਰੇਲਵੇ ਲਾਈਨ ਨੇੜੇ ਵੀ ਧਰਨਾ ਜਾਰੀ ਹੈ। ਇੱਥੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।
ਮਾਨਸਾ (ਪੱਤਰ ਪ੍ਰੇਰਕ): ਮਾਲਵਾ ਖੇਤਰ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਵੇਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਦਿੱਲੀ ਆਉਣ ਦਾ ਸੱਦਾ ਭਲਕੇ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਉਹ ਦੀਵਾਲੀ ਦੇ ਵੱਡੇ ਤਿਉਹਾਰ ਨੂੰ ਰੇਲਵੇ ਪਲੇਟਫਾਰਮਾਂ ਨੇੜੇ ਲਾਏ ਪੱਕੇ ਮੋਰਚੇ ਉਪਰ ਹੀ ਮਨਾਉਣਗੇ। ਆਗੂਆਂ ਮਾਲਵਾ ਖੇਤਰ ਦੇ ਲੋਕਾਂ ਨੂੰ ਹੋਕਾ ਦਿੱਤਾ ਕਿ ਉਹ ਇਸ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਧੱਕੇਸ਼ਾਹੀਆਂ ਵਿਰੁੱਧ ਕਾਲੀ ਦੀਵਾਲੀ ਮਨਾਉਣ ਅਤੇ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਉਪਰ ਕਾਲੇ ਝੰਡੇ ਕੱਲ੍ਹ ਤੋਂ ਗੱਡ ਦੇਣ। ਮਾਨਸਾ ਦੇ ਰੇਲਵੇ ਪਲੇਟ ਫਾਰਮ ਨੇੜੇ ਲਾਏ 43ਵੇਂ ਦਿਨ ਦੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਅੱਜ ਮੋਰਚੇ ਵਿੱਚ ਹਜ਼ਾਰਾਂ ਕਿਸਾਨਾਂ ਤੇ ਔਰਤਾਂ ਨੇ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਪੰਜਾਬ ਵਿੱਚ ਬੰਦ ਕੀਤੀਆਂ ਮਾਲ ਗੱਡੀਆਂ ਬਹਾਲ ਕਰਕੇ ਸੂਬੇ ਦੇ ਰੁੱਕੇ ਫੰਡ ਜਾਰੀ ਕੀਤੇ ਜਾਣ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਕਰਨੈਲ ਸਿੰਘ ਮਾਨਸਾ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਵੀ ਮੋਰਚਾ ਜਾਰੀ ਰਹੇਗਾ।
ਇਸ ਮੌਕੇ ਮਹਿੰਦਰ ਸਿੰਘ ਭੈਣੀਬਾਘਾ, ਐਡਵੋਕੇਟ ਬਲਵੀਰ ਕੌਰ, ਜਲੌਰ ਸਿੰਘ ਦੂਲੋਵਾਲ, ਭਜਨ ਸਿੰਘ ਘੁੰਮਣ, ਸੁਖਚਰਨ ਸਿੰਘ ਦਾਨੇਵਾਲੀਆ, ਨਿਰਮਲ ਸਿੰਘ ਝੰਡਾ, ਸਿਕੰਦਰ ਸਿੰਘ ਘਰਾਂਗਣਾ, ਉੱਗਰ ਸਿੰਘ ਮਾਨਸਾ, ਹਰਦੇਵ ਸਿੰਘ ਕੋਟਧਰਮੂ, ਨਿਹਾਲ ਸਿੰਘ ਮਾਨਸਾ, ਕੁਲਵਿੰਦਰ ਸਿੰਘ ਉੱਡਤ, ਇਕਬਾਲ ਸਿੰਘ ਮਾਨਸਾ ਤੇ ਬਲਵਿੰਦਰ ਸ਼ਰਮਾ ਖਿਆਲਾ ਨੇ ਵੀ ਸੰਬੋਧਨ ਕੀਤਾ।