ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਾਰਚ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠਿਆਂ ਦਾ ਸਰਤਾਜ ਦੱਸਿਆ ਹੈ। ‘ਆਪ’ ਦੇ 21 ਮਾਰਚ ਨੂੰ ਹੋਏ ਕਿਸਾਨ ਮਹਾਸੰਮੇਲਨ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ 2017 ਦੀਆਂ ਚੋਣਾਂ ਵੇਲੇ ਕੀਤੇ ਝੂਠੇ ਦਾਅਵਿਆਂ ਨੂੰ ਹੁਣ ਮੁੜ ਦੁਹਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਝੂਠ ਤੋਂ ਵਾਕਿਫ਼ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਦਾ ਚਿੱਟੇ ਦਿਨ ਬੋਲਿਆ ਝੂਠ ਮੁੜ ਬੇਨਕਾਬ ਹੋਵੇਗਾ, ਜਿਵੇਂ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ 84 ਫ਼ੀਸਦੀ ਵਾਅਦੇ ਪੂਰੇ ਕਰਨ ਦੇ ਟਰੈਕ ਰਿਕਾਰਡ ਦੀ ਤੁਲਨਾ ਦਿੱਲੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨਾਲ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਰਿਕਾਰਡ ਉੱਤੇ ਹੈ ਕਿ ਦਿੱਲੀ ਦੇ ਕਾਂਗਰਸੀ ਆਗੂ ਅਜੈ ਮਾਕਨ ਵੱਲੋਂ ਵਾਰ-ਵਾਰ ਸਵਾਲ ਕੀਤੇ ਜਾਣ ਦੇ ਬਾਵਜੂਦ ਦਿੱਲੀ ਦੀ ‘ਆਪ’ ਸਰਕਾਰ 2015 ਵਿੱਚ ਕੀਤੇ 8 ਲੱਖ ਨੌਕਰੀਆਂ ਦੇ ਵਾਅਦਿਆਂ ਸਬੰਧੀ ਸਥਿਤੀ ਸਪੱਸ਼ਟ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇੱਥੋਂ ਤਕ ਕਿ ਬਹੁਤੇ ਪ੍ਰਚਾਰੇ ਗਏ ਦਿੱਲੀ ਹੁਨਰ ਮਿਸ਼ਨ ਨੂੰ ਵੀ ਸ਼ੁਰੂ ਨਹੀਂ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਨੇ ‘ਘਰ-ਘਰ ਰੁਜ਼ਗਾਰ ਮਿਸ਼ਨ’ ਤਹਿਤ 16.29 ਲੱਖ ਨੌਕਰੀਆਂ/ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ ਅਤੇ ਇਕੱਲੇ ਸਰਕਾਰੀ ਸੈਕਟਰ ਵਿੱਚ ਹੀ 58,709 ਨੌਕਰੀਆਂ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਮੋਗਾ ਵਿੱਚ ਹੋਏ ਇਕੱਠ ਦੌਰਾਨ ਕੋਵਿਡ ਸਬੰਧੀ ਸਾਵਧਾਨੀ ਨਾ ਵਰਤਣ ਲਈ ਕੇਜਰੀਵਾਲ ਦੀ ਨਿਖੇਧੀ ਕੀਤੀ।