ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਫਰਵਰੀ
ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਜ਼ਿੱਦ ਕਾਰਨ ਦੇਸ਼ ਦਾ ਮਾਹੌਲ ਖਰਾਬ ਹੋ ਰਿਹਾ ਹੈ। ਦੇਸ਼ ਭਰ ਵਿਚ ਕਿਸਾਨ ਅੰਦੋਲਨ ਇਕ ਜਨ ਅੰਦੋਲਨ ਬਣ ਚੁੱਕਿਆ ਹੈ ਪ੍ਰੰਤੂ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਲੋਕ ਹਿੱਤਾਂ ਨਾਲ ਖਿਲਵਾੜ ਕਰ ਰਹੀ ਹੈ। ਇੱਥੇ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਰੋਸ ਧਰਨੇ ਜਾਰੀ ਹਨ। ਰੇਲਵੇ ਸਟੇਸ਼ਨ ਨੇੜੇ ਰੋਸ ਧਰਨੇ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਸਰਬਜੀਤ ਸਿੰਘ ਵੜੈਚ, ਰੋਹੀ ਸਿੰਘ ਮੰਗਵਾਲ, ਹਰਜੀਤ ਸਿੰਘ ਕਲੌਦੀ, ਰਾਮ ਸਿੰਘ ਸੋਹੀਆਂ, ਗੁਰਬਖਸੀਸ਼ ਸਿੰਘ, ਪ੍ਰਿੰਸੀਪਲ ਜਰਨੈਲ ਸਿੰਘ, ਲੱਖਮੀ ਚੰਦ, ਹਰਮੇਲ ਸਿੰਘ ਮਹਿਰੋਕ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਹੋਈ ਹੈ ਅਤੇ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰ ਕੇ ਦੇਸ਼ ਦਾ ਮਾਹੌਲ ਖਰਾਬ ਕਰਨ ’ਤੇ ਤੁਲੀ ਹੋਈ ਹੈ। ਅਮਰਗੜ੍ਹ (ਰਾਜਿੰਦਰ ਜੈਦਕਾ): ਟੌਲ ਪਲਾਜ਼ਾ ਮਾਹੋਰਾਣਾ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ 134 ਵੇਂ ਦਿਨ ਕਿਸਾਨਾਂ ਨੇ ਕੇਂਦਰ ਦੇ ਅੜੀਅਲ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਨਰਿੰਦਰਜੀਤ ਸਿੰਘ ਸਲਾਰ, ਬਲਬੀਰ ਸਿੰਘ ਬਨਭੌਰਾ, ਡਾ ਰੁਪਿੰਦਰ ਸਿੰਘ, ਕੁਲਵੀਰ ਕੌਰ ਬਨਭੌਰਾ ਆਦਿ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਧਰਨੇ ਜਾਰੀ ਰਹਿਣਗੇ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪਿੰਡ ਲਹਿਲ ਖੁਰਦ ਦੇ ਨਾਲ ਲੱਗਦੇ ਰਿਲਾਇੰਸ ਪੈਟਰੋਲ ਪੰਪ ’ਤੇ ਲੱਗਾ ਧਰਨਾ 143ਵੇਂ ਦਿਨ ਵੀ ਜਾਰੀ ਰਿਹਾ। ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਦੱਸਿਆ ਕਿ 21 ਫਰਵਰੀ ਨੂੰ ਬਰਨਾਲਾ ਵਿੱਚ ਹੋਣ ਜਾ ਰਹੀ ਕਿਸਾਨ- ਮਜ਼ਦੂਰ ਏਕਤਾ ਦੀ ਮਹਾਰੈਲੀ ਵਿੱਚ ਸ਼ਾਮਲ ਹੋਣ ਲਈ ਬਲਾਕ ਲਹਿਰਾਗਾਗਾ ਦੇ ਪਿੰਡਾਂ ਵਿੱਚੋਂ ਟਰੱਕ, ਗੱਡੀਆਂ, ਸਕੂਲ ਵੈਨਾਂ, ਕੈਂਟਰਾਂ ਤੋਂ ਇਲਾਵਾ 150 ਤੋਂ ਵੱਧ ਵੱਡੀਆਂ ਬੱਸਾਂ ਰਾਹੀਂ ਨੌਜਵਾਨ, ਵਿਦਿਆਰਥੀ, ਮਰਦ ਤੇ ਔਰਤਾਂ ਜਾਣਗੀਆਂ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਬੀਕੇਯੂ ਉਗਰਾਹਾਂ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਦੀ ਅਗਵਾਈ ਵਿੱਚ 21 ਫਰਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀ ਮਜ਼ਦੂਰ-ਕਿਸਾਨ ਏਕਤਾ ਮਹਾਰੈਲੀ ਵਿੱਚ ਪਹੁੰਚਣ ਲਈ ਬਲਾਕ ਦੇ ਸਾਰੇ ਪਿੰਡਾਂ ਵਿੱਚ ਗੱਡੀਆਂ ਰਾਹੀਂ ਪ੍ਰਚਾਰ ਮੁਹਿੰਮ ਚਲਾ ਕੇ ਹੋਕਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਆਖਿਆ ਕਿ ਸਾਰੇ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਚਲਾਈ ਗਈ ਜੋ ਕਾਲਾਝਾੜ ਟੌਲ ਪਲਾਜ਼ਾ ’ਤੇ ਚੱਲ ਰਹੇ ਪੱਕੇ ਧਰਨੇ ’ਤੇ ਪਹੁੰਚ ਕੇ ਸਮਾਪਤੀ ਕੀਤੀ ਗਈ।
ਧੂਰੀ (ਹਰਦੀਪ ਸੋਢੀ/ਪਵਨ ਵਰਮਾ): ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ’ਤੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਤੇ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਲੱਗਾ ਕਿਸਾਨੀ ਧਰਨਾ ਅੱਜ 143ਵੇਂ ਦਿਨ ਵੀ ਜਾਰੀ ਰਿਹਾ।
ਬਰਨਾਲਾ ਵਿੱਚ ਕਿਸਾਨ-ਮਜ਼ਦੂਰ ਮਹਾਰੈਲੀ ਅੱਜ
ਸੰਗਰੂਰ: ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਭਲਕੇ 21 ਫਰਵਰੀ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਅਨਾਜ ਮੰਡੀ ਬਰਨਾਲਾ ਵਿੱਚ ਕਿਸਾਨ-ਮਜ਼ਦੂਰ ਏਕਤਾ ਮਹਾਰੈਲੀ ਹੋਣ ਜਾ ਰਹੀ ਹੈ ਜਿਸ ਵਿਚ ਕਰੀਬ ਦੋ ਲੱਖ ਲੋਕ ਸ਼ਮੂਲੀਅਤ ਕਰਨਗੇ। ਇਸ ਰੈਲੀ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਸ਼ਾਮਲ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਹਾਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਆ ਜਾ ਰਿਹਾ ਹੈ।