ਚੰਡੀਗੜ੍ਹ, 24 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਲੋਹਾ ਤੇ ਸਟੀਲ ਸਨਅਤ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਤਾਂ ਕਿ ਆਕਸੀਜਨ ਦੀ ਸਪਲਾਈ ਸਿਰਫ ਮੈਡੀਕਲ ਸਹੂਲਤਾਂ ਲਈ ਉਪਲਬਧ ਕਰਵਾਈ ਜਾ ਸਕੇ। ਇਸ ਦੇ ਨਾਲ ਹੀ ਆਕਸੀਜਨ ਦੇ ਸੰਕਟ ਨੂੰ ਹੱਲ ਕਰਨ ਲਈ ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਬਣਾਉਣ ਦੀ ਹਦਾਇਤ ਕੀਤੀ। ਅੰਮ੍ਰਿਤਸਰ ਵਿਚ ਆਕਸੀਜਨ ਦੀ ਘਾਟ ਕਾਰਨ ਛੇ ਮਰੀਜ਼ਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ। ਉਨ੍ਹਾਂ ਇਹ ਵੀ ਪਤਾ ਕਰਨ ਲਈ ਕਿਹਾ ਕਿ ਮਰੀਜ਼ਾਂ ਦੀ ਮੌਤ ਕਿਹੜੇ ਹਾਲਾਤ ਵਿਚ ਹੋਈ। ਪੰਜਾਬ ਸਰਕਾਰ ਨੇ ਸਾਰੇ ਹਸਪਤਾਲਾਂ ਨੂੰ ਹੁਕਮ ਦਿੱਤੇ ਹਨ ਕਿ ਜਿਹੜੇ ਵੀ ਹਸਪਤਾਲਾਂ ਵਿਚ ਆਕਸੀਜਨ ਦੀ ਘਾਟ ਹੈ ਉਨ੍ਹਾਂ ਵਿਚ ਜ਼ੇਰੇ ਇਲਾਜ ਮਰੀਜ਼ਾਂ ਨੂੰ ਸਰਕਾਰੀ ਮੈਡੀਕਲ ਕਾਲਜਾਂ ਵਿਚ ਭੇਜਿਆ ਜਾਵੇ। ਮੁੱਖ ਮੰਤਰੀ ਨੇ ਬਿਜਲੀ ਵਿਭਾਗ ਨੂੰ ਵੀ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ ਕਿ ਉਹ ਥਰਮਲ ਪਲਾਂਟਾਂ ਵਿਚ ਵਰਤਣ ਵਾਲੀ ਆਕਸੀਜਨ ਵਿਚੋਂ ਕਿੰਨੀ ਮੈਡੀਕਲ ਸਹੂਲਤਾਂ ਵਿਚ ਵਰਤਣ ਲਈ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ ਦੋ ਤਿੰਨ ਦਿਨਾਂ ਤੋਂ ਆਕਸੀਜਨ ਦੀ ਮੰਗ ਕਾਫੀ ਵਧ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਰਾਤ ਨੂੰ ਮਾਈਨਿੰਗ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਮੁੱਖ ਮੰਤਰੀ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਪੁਲੀਸ ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਮਾਈਨਿੰਗ) ਨੂੰ ਸਖਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਨਦੀਆਂ ਤੇ ਨਹਿਰਾਂ ਕਿਨਾਰੇ ਰਾਤ 7.30 ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤਕ ਮਾਈਨਿੰਗ ਨਾ ਕਰਨ ਦੇ ਹੁਕਮ ਜਾਰੀ ਕੀਤੇ।