ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 6 ਜਨਵਰੀ
ਸਰਕਾਰ ਵੱਲੋਂ ਜ਼ਿਲ੍ਹਾ ਫਰੀਦਾਬਾਦ ਨੂੰ ਜਾਰੀ ਹਦਾਇਤਾਂ ਅਨੁਸਾਰ ਸੂਬੇ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਮਹਾਮਾਰੀ ਅਲਰਟ ਸੇਫ਼ ਹਰਿਆਣਾ ਤਹਿਤ ਮਿਨੀ ਲੌਕਡਾਊਨ ਲਈ ਪਾਬੰਦੀਆਂ ਜਾਰੀ ਕੀਤੀਆਂ ਹਨ। ਨਵੇਂ ਨਿਰਦੇਸ਼ ਕੁੱਲ 11 ਜ਼ਿਲ੍ਹਿਆਂ ਕਰਨਾਲ, ਪਾਣੀਪਤ, ਕੁਰੂਕਸ਼ੇਤਰ, ਯਮੁਨਾਨਗਰ, ਰੋਹਤਕ, ਝੱਜਰ, ਗੁਰੂਗ੍ਰਾਮ, ਫਰੀਦਾਬਾਦ, ਅੰਬਾਲਾ, ਪੰਚਕੂਲਾ, ਸੋਨੀਪਤ ਵਿੱਚ ਲਾਗੂ ਕੀਤੇ ਗਏ ਹਨ। ਜ਼ਿਲ੍ਹਾ ਕੁਲੈਕਟਰ ਜਤਿੰਦਰ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਦੀ ਮਾਰ ਕਾਰਨ 3 ਤੋਂ 12 ਜਨਵਰੀ ਤੱਕ ਸਾਰੇ ਵਿਦਿਅਕ ਅਦਾਰੇ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ। ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 15 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਮਾਲ ਅਤੇ ਬਾਜ਼ਾਰ ਸ਼ਾਮ 6 ਵਜੇ ਤੱਕ ਹੀ ਖੁੱਲ੍ਹੇ ਰੱਖੇ ਜਾ ਸਕਣਗੇ। ਬਾਰ ਅਤੇ ਰੈਸਤਰਾਂ 50 ਫ਼ੀਸਦ ਦੀ ਸਮਰੱਥਾ ਨਾਲ ਬੈਠਣ ਦੀ ਆਗਿਆ ਹੋਵੇਗੀ। ‘ਮਹਾਮਾਰੀ ਚਿਤਾਵਨੀ-ਸੁਰੱਖਿਅਤ ਹਰਿਆਣਾ’ ਆਦੇਸ਼ ਅਨੁਸਾਰ ਜ਼ਿਲ੍ਹੇ ਵਿੱਚ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਸਕਾਰ ਅਤੇ ਵਿਆਹ ਸਮਾਗਮਾਂ ਵਿੱਚ ਕ੍ਰਮਵਾਰ 50 ਅਤੇ 100 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਦੇ। ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਆਦਿ ਨੂੰ 500 ਰੁਪਏ ਜੁਰਮਾਨਾ ਤੇ ਜੇਕਰ ਸੰਸਥਾ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ’ਤੇ ਪਾਬੰਦੀ ਰਹੇਗੀ। ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ,ਖੇਡ ਕੰਪਲੈਕਸ, ਸਟੇਡੀਅਮ, ਸਵਿਮਿੰਗ ਪੂਲ ਬੰਦ ਰੱਖੇ ਜਾਣਗੇ। ਐਮਰਜੈਂਸੀ ਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਸਰਕਾਰੀ/ਪ੍ਰਾਈਵੇਟ ਅਦਾਰਿਆਂ ਦੇ ਦਫ਼ਤਰਾਂ ਨੂੰ 50 ਫੀਸਦੀ ਸਟਾਫ਼ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।