ਪੱਤਰ ਪ੍ਰੇਰਕ
ਮਾਨਸਾ, 13 ਸਤੰਬਰ
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਬਣੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿਚ ਐੱਸਸੀ/ਐੱਸਟੀ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸ਼ਨ ਵੱਲੋਂ ਕਥਿਤ ਤੌਰ ’ਤੇ ਜਬਰੀ ਪੀਟੀਏ ਫੰਡ ਵਸੂਲੇ ਜਾਣ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਅੱਜ ਕਾਲਜ ਵਿਚ ਹੀ ਰੋਸ ਪ੍ਰਦਰਸ਼ਨ ਕੀਤਾ।
ਆਇਸਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਪਹਿਲਾਂ ਹੀ ਸਿੱਖਿਆ ਬਜਟ ਘਟਾ ਕੇ ਪੰਜਾਬ ਤੇ ਕੇਂਦਰ ਸਰਕਾਰ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਦੂਰ ਕਰ ਰਹੀ ਹੈ ਅਤੇ ਉਪਰੋਂ ਕਾਲਜ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਿਆ ਜਾ ਰਿਹਾ ਹੈ ਜੋ ਕਿ ਸ਼ਰੇਆਮ ਵਿਦਿਆਰਥੀਆਂ ਦੀ ਲੁੱਟ ਹੈ। ਉਨ੍ਹਾਂ ਕਿਹਾ ਕਿ ਕਾਲਜ ਪ੍ਰਸ਼ਾਸ਼ਨ ਦੀ ਇਸ ਧੱਕੇਸ਼ਾਹੀ ਕਰ ਕੇ ਕਾਲਜ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਘੱਟ ਰਹੇ ਹਨ ਅਤੇ ਕਾਲਜ ਪ੍ਰਸ਼ਾਸਨ ਵੱਲੋਂ ਆਪਣੀ ਮਰਜ਼ੀ ਨਾਲ ਕੰਪਿਊਟਰ ਵਿਭਾਗ ਅਧੀਨ ਆਉਂਦੇ ਕੁੱਝ ਕੋਰਸ ਬੰਦ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਫੋਨ ਕਰ ਕੇ ਕਿਸੇ ਹੋਰ ਕਾਲਜ ਵਿੱਚ ਦਾਖ਼ਲਾ ਲੈਣ ਲਈ ਕਿਹਾ ਜਾ ਰਿਹਾ ਹੈ।
ਵਿਦਿਆਰਥੀ ਆਗੂ ਨੇ ਦੋਸ਼ ਲਾਇਆ ਕਿ ਇਹ ਕੰਪਿਊਟਰ ਕੋਰਸ ਬੰਦ ਕੀਤੇ ਜਾ ਰਹੇ ਹਨ, ਕਿਉਂਕਿ ਇਨ੍ਹਾਂ ਜਮਾਤਾਂ ਵਿੱਚ ਦਲਿਤ ਵਿਦਿਆਰਥੀਆਂ ਦਾ ਦਾਖ਼ਲਾ ਵਧੇਰੇ ਹੈ। ਉਨ੍ਹਾਂ ਕਿਹਾ ਕਿ ਕਾਲਜ ਪ੍ਰਸ਼ਾਸ਼ਨ ਵੱਲੋਂ ਦਲਿਤ ਵਿਦਿਆਰਥੀ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਸਬੰਧੀ 14 ਸਤੰਬਰ ਨੂੰ ਕਾਲਜ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੀਟੀਏ ਫੰਡ ਮੁਆਫ਼ ਕਰਵਾਉਣ ਅਤੇ ਕੰਪਿਊਟਰ ਵਿਭਾਗ ਦੇ ਕੋਰਸ ਵਾਪਸ ਚਾਲੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਰਸ਼ ਬੱਪੀਆਣਾ, ਸੰਦੀਪ ਕੌਰ, ਗਗਨਦੀਪ ਕੌਰ ਤੇ ਜਸਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਕੀ ਕਹਿੰਦੇ ਨੇ ਅਧਿਕਾਰੀ
ਉੱਧਰ, ਨਹਿਰੂ ਕਾਲਜ ਦੇ ਸਬੰਧਤ ਅਧਿਕਾਰੀ ਪ੍ਰੋ. ਸੁਖਦੀਪ ਸਿੰਘ ਨੇ ਕਿਹਾ ਕਿ ਕਾਲਜ ਵਿੱਚ ਬਹੁਤ ਵਧੀਆ ਮਾਹੌਲ ਨਾਲ ਦਾਖ਼ਲੇ ਚੱਲ ਰਹੇ ਹਨ ਅਤੇ ਇਹ ਦਾਖ਼ਲੇ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਕੀਤੇ ਜਾ ਰਹੇ ਹਨ, ਜਦੋਂ ਕਿ ਕੰਪਿਊਟਰ ਕੋਰਸਾਂ ਵਿੱਚ ਵੀ ਦਾਖ਼ਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਪੀਟੀਏ ਫੰਡ ਵਸੂਲੇ ਜਾਣ ਬਾਰੇ ਉਹ ਕੁਝ ਨਹੀਂ ਬੋਲੇ।