ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਦਸੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਸਿਰਫ਼ ਮੋਦੀ ਸਰਕਾਰ ਤੋਂ ਜੰਗ ਹੀ ਨਹੀਂ ਜਿੱਤੀ, ਸਗੋਂ ਲੋਕਾਂ ਦੇ ਦਿਲ ਵੀ ਜਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਬਰੂਹਾਂ ’ਤੇ ਅੜੀਅਲ ਅਤੇ ਤਾਨਾਸ਼ਾਹ ਸਰਕਾਰ ਦੇ ਖ਼ਿਲਾਫ਼ ਇਕ ਸਾਲ ਤੋਂ ਵੱਧ ਸਮਾਂ ਲੜਾਈ ਲੜੀ ਹੈ ਜਿਸ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ। ਇਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ ਅਤੇ ਇਤਿਹਾਸ ’ਚ ਕਿਸਾਨ ਅੰਦੋਲਨ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗਾ। ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਨੇ ਸਿੱਧ ਕਰ ਦਿੱਤਾ ਕਿ ਭਾਰਤ ਜਿਹੇ ਲੋਕਤੰਤਰਿਕ ਦੇਸ਼ ਵਿੱਚ ਤਾਨਾਸ਼ਾਹੀ ਲਈ ਕੋਈ ਥਾਂ ਨਹੀਂ ਹੈ। ਐਮਰਜੈਂਸੀ ਸਮੇਂ ਇੰਦਰਾ ਗਾਂਧੀ ਵੀ ਤਾਨਾਸ਼ਾਹ ਬਣ ਗਈ ਸੀ ਅਤੇ ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਮੋਦੀ ਸਰਕਾਰ ਵੀ ਤਾਨਾਸ਼ਾਹੀ ’ਤੇ ਉਤਰ ਆਈ ਸੀ ਪਰ ਦੇਸ਼ ਦੀ ਆਮ ਜਨਤਾ, ਕਿਸਾਨਾਂ ਅਤੇ ਮਜ਼ਦੂਰਾਂ ਨੇ ਦੋਹਾਂ ਤਾਨਾਸ਼ਾਹਾਂ ਨੂੰ ਸਬਕ ਸਿਖਾਇਆ। ਭਾਰਤ ਵਿੱਚ ਤਾਨਾਸ਼ਾਹੀ ਜ਼ਿਆਦਾ ਦਿਨਾਂ ਤੱਕ ਨਹੀਂ ਚੱਲ ਸਕਦੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਤੰਤਰ ਦੀ ਮਰਿਆਦਾ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਭਵਿੱਖ ’ਚ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਲੋਕਤੰਤਰ ਵਿੱਚ ਜਿੱਤ ਹਮੇਸ਼ਾ ਲੋਕਾਂ ਦੀ ਹੁੰਦੀ ਹੈ। ‘ਆਪ’ ਆਗੂ ਨੇ ਕਿਹਾ ਕਿ ਅਗਾਮੀ ਸਾਲ ’ਚ 5 ਸੂਬਿਆਂ ’ਚ ਹੋਣ ਵਾਲੀਆਂ ਚੋਣਾਂ ਦਾ ਡਰ ਭਾਜਪਾ ਨੂੰ ਨਾ ਡਰਾਉਂਦਾ ਤਾਂ ਕੇਂਦਰ ਸਰਕਾਰ ਨੇ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਨੇ ਸਨ ਅਤੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕਰਨਾ ਜਾਰੀ ਰੱਖਣਾ ਸੀ।