ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਦਸੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੇ ਗੱਠਜੋੜ ਸਬੰਧੀ ਅੰਤਿਮ ਫੈਸਲਾ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ-ਮਸ਼ਵਰਾ ਕਰਕੇ ਕੀਤਾ ਜਾਵੇਗਾ। ਇਸ ਸਬੰਧੀ ਉਹ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ਅੰਤਿਮ ਫ਼ੈਸਲਾ ਬਹੁਤ ਜਲਦੀ ਲਿਆ ਜਾਵੇਗਾ। ਪਾਰਟੀ ਦੇ ਬੁਲਾਰੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਦਾ ਐਲਾਨ ਕਰੇ ਕਿਉਂਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਿਆਦ 2016 ਵਿੱਚ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਹਰਪਾਲ ਟਿਵਾਣਾ ਮਿਊਜ਼ੀਅਮ ਪਟਿਆਲਾ ’ਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ।