ਲੁਧਿਆਣਾ (ਸਤਵਿੰਦਰ ਬਸਰਾ): ਮੋਦੀ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਐੱਮਐੱਸਪੀ ਨੂੰ ਕਾਨੂੰਨੀ ਮਾਨਤਾ ਦੀ ਮੰਗ ਸਬੰਧੀ ਦੇਸ਼ ਦੇ ਕੋਨੇ-ਕੋਨੇ ਤੋਂ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਬੀਤੇ ਸੌ ਦਿਨਾਂ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਨੌਜਵਾਨਾਂ ਨੂੰ ਬਸੰਤੀ ਪੱਗਾਂ ਬੰਨ੍ਹ ਕੇ 23 ਮਾਰਚ ਨੂੰ ਦਿੱਲੀ ਮੋਰਚੇ ’ਤੇ ਆਉਣ ਦਾ ਸੱਦਾ ਦਿੱਤਾ ਗਿਆ ਹੈ। ਇਸੇ ਤਹਿਤ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਦੀ ਮਿੱਟੀ ਲੈ ਕੇ ਯੂਥ ਵਿੰਗ-ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਦਾ ਕਾਫ਼ਲਾ ਬਲਕਰਨ ਸਿੰਘ ਵੈਰੋਕੇ ਅਤੇ ਕਰਮਜੀਤ ਮਾਣੂੰਕੇ ਦੀ ਅਗਵਾਈ ਹੇਠ ਦਿੱਲੀ ਮੋਰਚੇ ਲਈ ਰਵਾਨਾ ਹੋਇਆ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਵਿਦੇਸ਼ੀ ਤਾਕਤਾਂ ਖ਼ਿਲਾਫ਼ ਲੜਦਿਆਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸਰਾਭੇ ਨੇ ਸ਼ਹੀਦੀਆਂ ਦਿੱਤੀਆਂ, ਅੱਜ ਸਮੇਂ ਦੀਆਂ ਸਰਕਾਰਾਂ ਉਨ੍ਹਾਂ ਸਾਮਰਾਜੀ ਤਾਕਤਾਂ ਨਾਲ ਮਿਲ ਕੇ ਦੇਸ਼ ਨੂੰ ਲੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਸ਼ਹੀਦਾਂ ਦੇ ਪਿੰਡਾਂ ਤੋਂ ਪਵਿੱਤਰ ਮਿੱਟੀ ਲਿਜਾਣ ਦਾ ਉਦੇਸ਼ ਕੁਰਬਾਨੀਆਂ ਤੋਂ ਪ੍ਰੇਰਣਾ ਲੈਂਦਿਆਂ ਸ਼ਹੀਦਾਂ ਦੇ ਸੁਫ਼ਨਿਆਂ ਦਾ ਸਮਾਜ ਸਿਰਜਣ ਲਈ ਸੰਘਰਸ਼ ਤੇਜ਼ ਕਰਨਾ ਹੈ। ਇਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਨੌਜਵਾਨ ਬਸੰਤੀ ਪੱਗਾਂ ਬੰਨ੍ਹ ਕੇ ਸਰਾਭੇ ਪਿੰਡ ਦੀ ਮਿੱਟੀ ਲੈ ਕੇ ਦਿੱਲੀ ਰਵਾਨਾ ਹੋਏ। ਇਸ ਮੌਕੇ ਜਗਰੂਪ ਸਿੰਘ ਰਾਉਕੇ, ਬਲਕਰਨ ਸਿੰਘ ਮੱਲੇਆਣਾ, ਬਲਵੰਤ ਸਿੰਘ ਰਾਜੇਆਣਾ, ਨਾਜਰ ਸਿੰਘ ਖਾਈ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।