ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 18 ਜੂਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਕਾਨਵੋਕੇਸ਼ਨ-2022 ਕਰਵਾਈ ਗਈ। ਇਸ ਕਾਨਵੋਕੇਸ਼ਨ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੀ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਮੁੱਖ ਮਹਿਮਾਨ ਪ੍ਰੋ. ਅਰਵਿੰਦ ਨੂੰ ਜੀ ਆਇਆਂ ਆਖਿਆ। ਪ੍ਰੋ. ਅਰਵਿੰਦ ਨੇ ਆਪਣੇ ਕਾਨਵੋਕੇਸ਼ਨ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਗ੍ਰਹਿਣ ਕੀਤੀ ਸਿੱਖਿਆ ਨੂੰ ਸਹੀ ਤਰੀਕੇ ਨਾਲ ਵਰਤਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦਾ ਰੁਝਾਨ ਛੱਡ ਕੇ ਆਪਣੇ ਹੀ ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਨਸੀਅਤ ਦਿੰਦਿਆਂ ਪੰਜਾਬੀ ਭਾਸ਼ਾ ਸਿੱਖਣ ਅਤੇ ਬੋਲਣ ਲਈ ਪ੍ਰੇਰਿਆ ਅਤੇ ਕਿਹਾ ਕਿ ਕਿਸੇ ਨੂੰ ਵੀ ਆਪਣੀ ਮਾਂ ਬੋਲੀ ਬੋਲਣ ਵਿੱਚ ਝਿਜਕ ਮਹਿਸੂਸ ਨਹੀਂ ਕਰਨੀ ਚਾਹੀਦੀ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਾਨਵੋਕੇਸ਼ਨ ਦੌਰਾਨ ਸਭ ਤੋਂ ਪਹਿਲਾਂ 5 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਮੈਰਿਟ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਫ਼ਸਟ ਵਿਦ ਡਿਸਟਿੰਕਸ਼ਨ ਨਾਲ ਡਿਗਰੀ ਪ੍ਰਾਪਤ ਕਰਨ ਵਾਲੇ 54 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ਅਤੇ ਪੋਸਟ ਗ੍ਰੈਜੂਏਟ ਸਮੇਤ ਅੰਡਰ ਗ੍ਰੈਜੁਏਟ ਦੇ ਵੱਖ-ਵੱਖ ਵਿਸ਼ਿਆਂ ਵਿੱਚ 210 ਵਿਦਿਆਰਥੀਆਂ ਨੂੰ ਵੀ ਡਿਗਰੀਆਂ ਵੰਡੀਆਂ ਗਈਆਂ। ਇਸ ਮੌਕੇ ਜਗਵਿੰਦਰ ਸਿੰਘ, ਸੁਖਵਿੰਦਰ ਸਿੰਘ, ਡਾ. ਬਲਜੀਤ ਸਿੰਘ, ਪ੍ਰੋ. ਸੁਨੀਤਾ ਰਾਣੀ ਅਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।