ਰਵਿੰਦਰ ਰਵੀ
ਬਰਨਾਲਾ, 20 ਫਰਵਰੀ
ਖੇਤੀ ਕਾਨੂੰਨਾਂ ਵਿਰੁੱਧ 21 ਫਰਵਰੀ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਕੀਤੀ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਰੈਲੀ ਸਬੰਧੀ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਅਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਸ ਮਹਾ ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਣਗੇ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਹ ਰੈਲੀ ਸਰਕਾਰ ’ਤੇ ਬਣਾ ਦਬਾਅ ਪਾਵੇਗੀ।