ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 1 ਦਸੰਬਰ
ਅਧਿਆਪਕ ਜਥੇਬੰਦੀ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਸੂਲੀਆਂ ਜਾ ਰਹੀਆਂ ਫੀਸਾਂ ਕਰੋਨਾ ਸੰਕਟ ਦੇ ਮੱਦੇਨਜ਼ਰ ਮੁਆਫ਼ ਕਰਨ ਸਬੰਧੀ ਮੰਗ ਪੱਤਰ ਭੇਜਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਡੀ.ਸੀ. ਪਟਿਆਲਾ ਨੂੰ ਦੱਸਿਆ ਕਿ ਕੋਵਿਡ-19 ਦੌਰਾਨ ਲੰਬੇ ਸਮੇਂ ਲਈ ਲਗਾਏ ਲੌਕਡਾਊਨ ਕਾਰਨ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ ’ਤੇ ਆਰਥਿਕ ਨੁਕਸਾਨ ਹੋਇਆ ਹੈ। ਇਸ ਨੂੰ ਦੇਖਦੇ ਹੋਏ ਫੀਸਾਂ ਮੁਆਫ਼ ਕੀਤੀਆਂ ਜਾਣ ਤੇ ਲਈਆਂ ਫੀਸਾਂ ਵਾਪਸ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਲਿਖਤੀ ਤੇ ਪ੍ਰਯੋਗੀ ਪ੍ਰੀਖਿਆਵਾਂ ਰੱਦ ਹੋਣ, ਪੇਪਰ ਚੈਕਿੰਗ ਨਾ ਹੋਣ ਕਰ ਕੇ ਖ਼ਰਚੇ ਘਟੇ ਹਨ। ਆਗੂਆਂ ਨੇ ਕਿਹਾ ਕਿ ਬੋਰਡ ਦਫ਼ਤਰ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖ਼ਤਮ ਕਰ ਕੇ ਖ਼ਰਚਾ ਸੀਮਤ ਕਰ ਦਿੱਤਾ ਗਿਆ ਹੈ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਹੋਈ ਆਮਦਨ, ਖ਼ਰਚੇ ਤੇ ਸਰਕਾਰੀ ਗ੍ਰਾਂਟਾਂ ਨੂੰ ਜਨਤਕ ਕੀਤਾ ਜਾਵੇ।