ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਅੱਜ ਰੋਸ ਵਜੋਂ ਯੂਨੀਅਨ ਵੱਲੋਂ ਬੱਸ ਸਟੈਂਡ ਤੋਂ ਲੈ ਕੇ ਭੰਡਾਰੀ ਪੁਲ ਤਕ ਰੋਸ ਮਾਰਚ ਕੀਤਾ ਗਿਆ। ਹਾਲ ਗੇਟ ’ਤੇ ਦੋ ਘੰਟੇ ਲਈ ਰੋਸ ਧਰਨਾ ਦਿੱਤਾ ਗਿਆ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੋਧ ਸਿੰਘ, ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਤੇ ਜਨਰਲ ਸਕੱਤਰ ਬਲਜੀਤ ਸਿੰਘ ਨੇ ਦੱਸਿਆ ਜੇ ਸਰਕਾਰ ਨੇ 14 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਟਰਾਂਸਪੋਰਟ ਕਾਮਿਆਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਤਾਂ 15 ਸਤੰਬਰ ਨੂੰ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪੰਜਾਬ ਦੇ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣਗੇ। ਇਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਸਹਿਯੋਗ ਦੇਣਗੀਆਂ।
ਪਠਾਨਕੋਟ (ਪੱਤਰ ਪ੍ਰੇਰਕ): ਰੋਡਵੇਜ਼ ਤੇ ਪੀਆਰਟੀਸੀ ਕਾਮਿਆਂ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਲਗਾਤਾਰ 8ਵੇਂ ਦਿਨ ਵੀ ਜਾਰੀ ਰਹੀ। ਅੱਜ ਸਮੂਹ ਮੁਲਾਜ਼ਮਾਂ ਨੇ ਪਠਾਨਕੋਟ ਦੇ ਡਿਪੂ ਦੇ ਜਨਰਲ ਸਕੱਤਰ ਕਮਲ ਜੋਤੀ ਦੀ ਅਗਵਾਈ ਵਿੱਚ ਸ਼ਹਿਰ ਦੇ ਬਾਜ਼ਾਰਾਂ ਵਿੱਚ ਜਲੂਸ ਕੱਢਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਵਿੱਚ ਸੂਬਾਈ ਆਗੂ ਰਾਜ ਕੁਮਾਰ, ਜੋਗਿੰਦਰ ਪਾਲ ਲਵਲੀ, ਜਤਿੰਦਰ ਸ਼ਰਮਾ, ਗਗਨਦੀਪ, ਹਰਵਿੰਦਰ ਸਿੰਘ, ਵਿਪਨ ਸੈਣੀ, ਜਗਦੀਸ਼ਵਰ ਸੈਣੀ, ਸੁਰਜੀਤ ਸਿੰਘ, ਪਰਮਜੀਤ ਸਿੰਘ, ਸੁਖਦੀਪ ਸਿੰਘ, ਜਗਤਾਰ ਸਿੰਘ, ਅਮਨ ਕੁਮਾਰ, ਹਰਬੰਸ ਲਾਲ ਆਦਿ ਸ਼ਾਮਲ ਹੋਏ।
ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਮਜਬੂਰ ਹੋ ਕੇ ਉਨ੍ਹਾਂ ਨੂੰ ਅਣਮਿਥੇ ਸਮੇਂ ਦੀ ਹੜਤਾਲ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਭਲਕੇ 14 ਤਰੀਕ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
‘ਮੰਗਾਂ ਨਾ ਮੰਨੀਆਂ ਤਾਂ ਹੜਤਾਲ ਖ਼ਤਮ ਨਹੀਂ ਹੋਵੇਗੀ’
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਅੱਠਵੇਂ ਦਿਨ ’ਚ ਦਾਖ਼ਲ ਹੋ ਗਈ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਹਰ ਵਾਰ ਗੱਲਬਾਤ ਕਰ ਕੇ ਮੁੱਕਰ ਜਾਂਦੀ ਹੈ। ਇਸ ਲਈ ਮਜਬੂਰੀਵੱਸ ਉਨ੍ਹਾਂ ਨੂੰ ਚੱਕਾ ਜਾਮ ਕਰਨਾ ਪੈ ਰਿਹਾ ਹੈ। ਹੁਣ ਵੀ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਉਹ ਹੜਤਾਲ ਖ਼ਤਮ ਨਹੀਂ ਕਰਨਗੇ। ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਉਹ ਚੰਗੀ ਤਰ੍ਹਾਂ ਵਾਕਫ਼ ਹਨ ਪਰ ਸੂਬਾ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਅੱਖੋਂ-ਪਰੋਖੇ ਕਰ ਰਹੀ ਹੈ। ਇਸ ਮੌਕੇ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਨਰਲ ਸਕੱਤਰ ਸੱਤਪਾਲ ਸਿੰਘ ਸੱਤਾ, ਚਾਨਣ ਸਿੰਘ ਅਤੇ ਰਣਦੀਪ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।