ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਸੋਹਣੇ ਸ਼ਹਿਰ ਚੰਡੀਗੜ੍ਹ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਰਕੇ ਿਜਥੇ ਮੌਸਮ ਖੁਸ਼ਗਵਾਰ ਹੋ ਗਿਆ ਹੈ ਉਥੇ ਲੋਕਾਂ ਨੇ ਅੱਤ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਸਿਟੀ ਬਿਊਟੀਫੁੱਲ ਵਿੱਚ ਅੱਜ ਦਾ ਦਿਨ ਪਹਿਲਾਂ ਨਾਲੋਂ ਕਾਫੀ ਠੰਢਾ ਰਿਹਾ। ਮੀਂਂਹ ਕਾਰਨ ਤਾਪਮਾਨ 10.3 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 10.3 ਡਿਗਰੀ ਸੈਲਸੀਅਸ ਘੱਟ ਸੀ। ਘੱਟੋ-ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਡੇਢ ਡਿਗਰੀ ੱਟ ਰਿਹਾ। ਸ਼ਹਿਰ ਵਿੱਚ 1.5 ਐੱਮਐੱਮ ਮੀਂਹ ਪਿਆ ਹੈ।
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸ਼ਨਿਚਰਵਾਰ ਨੂੰ ਮੌਸਮ ਸੁਹਾਣਾ ਹੋਣ ਕਰਕੇ ਸਾਰਾ ਦਿਨ ਸ਼ਹਿਰ ਵਿੱਚ ਸੈਲਾਨੀਆਂ ਦੀ ਭੀੜ ਲੱਗੀ ਰਹੀ। ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ, ਬਰਡ ਪਾਰਕ ਸਣੇ ਹੋਰਨਾਂ ਥਾਵਾਂ ’ਤੇ ਪੈਰ ਰੱਖਣ ਨੂੰ ਥਾਂ ਨਹੀਂ ਸੀ। ਇਸ ਤੋਂ ਇਲਾਵਾ ਗਰਮੀ ਕਰਕੇ ਸੁੰਨ ਰਹਿਣ ਵਾਲੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਵੀ ਦਿਨ ਭਰ ਲੋਕਾਂ ਦੀ ਭਾਰੀ ਭੀੜ ਰਹੀ। ਲੋਕ ਜਿਥੇ ਖਰੀਦਦਾਰੀ ਕਰ ਰਹੇ ਸਨ ਉਥੇ ਲੋਕਾਂ ਦੀ ਭੀੜ ਦੇਖ ਦੁਕਾਨਦਾਰਾਂ ਦੇ ਚਿਹਰਿਆਂ ’ਤੇ ਵੀ ਰੌਣਕ ਸੀ।
ਮੌਸਮ ਵਿਭਾਗ ਵੱਲੋਂ 19, 20 ਅਤੇ 21 ਜੂਨ ਨੂੰ ਸ਼ਹਿਰ ਵਿੱਚ ਰੁਕ-ਰੁਕ ਕੇ ਮੀਂਹ ਅਤੇ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸਿਟੀ ਬਿਊਟੀਫੁੱਲ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਜੂਨ ਮਹੀਨੇ ਵਿੱਚ ਹੁਣ ਤੱਕ 31.2 ਐੱਮਐੱਮ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 54.4 ਫ਼ੀਸਦ ਘੱਟ ਹੈ।