ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਵਿਚ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ਪ੍ਰਗਤੀ ਅਧੀਨ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੋਵਿਡ ਬੈੱਡ ਮੁਹੱਈਆ ਕਰਵਾਉਣ ਲਈ ਮਿਲਟਰੀ ਹਸਪਤਾਲਾਂ ਅਤੇ ਪੀਜੀਆਈ ਸੈਟੇਲਾਈਟਾਂ ਸੈਂਟਰਾਂ ਨੂੰ ਹਦਾਇਤਾਂ ਦੇਣ ਦੀ ਮੰਗ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਪ੍ਰਵਾਨਿਤ 900 ਅਸਾਮੀਆਂ ’ਚੋਂ ਪਹਿਲੇ ਪੜਾਅ ’ਚ ਨਰਸਾਂ ਦੀਆਂ 400 ਅਸਾਮੀਆਂ ਭਰੀਆਂ ਜਾਣੀਆਂ ਚਾਹੀਦੀਆਂ ਹਨ। ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਮੁਹਾਲੀ, ਹੁਸ਼ਿਆਰਪੁਰ ਤੇ ਕਪੂਰਥਲਾ ’ਚ ਬਣਨ ਵਾਲੇ ਹਸਪਤਾਲ ਤੇ ਮੈਡੀਕਲ ਕਾਲਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।