ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 15 ਜੁਲਾਈ
ਪੰਜਾਬ ਅਤੇ ਹਰਿਆਣਾ ਦੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ ਪਰ ਇਸ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਹੜ੍ਹਾਂ ਕਾਰਨ ਦੋਵਾਂ ਸੂਬਿਆਂ ਵਿੱਚ ਹੁਣ ਤੱਕ 55 ਮੌਤਾਂ ਹੋ ਚੁੱਕੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਜਮ੍ਹਾਂ ਹੋਣ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸੇ ਵੀ ਸੰਕਟ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਲੋਕਾਂ ਨੂੰ ਦਵਾਈਆਂ ਵੰਡੀਆਂ ਜਾ ਰਹੀਆਂ ਹਨ। ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਹਰਿਆਣਾ ਵਿੱਚ ਮਰਨ ਵਾਲਿਆਂ ਦੀ ਗਿਣਤੀ 26 ਹੈ। ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਾਣੀ ਨਾਲ ਭਰੇ ਇਲਾਕਿਆਂ ਵਿੱਚੋਂ 25,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਗੁਆਂਢੀ ਸੂਬੇ ਹਰਿਆਣਾ ’ਚ 5300 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਪੰਜਾਬ ਦੇ 14 ਜ਼ਿਲ੍ਹੇ ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਜਲੰਧਰ, ਸੰਗਰੂਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਪ੍ਰਭਾਵਿਤ ਹੋਏ ਹਨ। -ਪੀਟੀਆਈ
ਰੂਪਨਗਰ (ਜਗਮੋਹਨ ਸਿੰਘ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮਿਨੀ ਸਕੱਤਰੇਤ ਰੂਪਨਗਰ ਵਿੱਚ ਸੀਨੀਅਰ ਅਧਿਕਾਰੀਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਹੜ੍ਹਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਲਈ ਫੌਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਹਿੱਤ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਮੁੱਖ ਮੰਤਰੀ ਪੰਜਾਬ ਤੋਂ ਇਲਾਵਾ ਮੰਤਰੀ ਸਹਬਿਾਨ ਜਾਂ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ ਨਾ ਕੀਤੀ ਜਾਵੇ।