ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਸਤੰਬਰ
ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਸੋਮਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰੀ ਮੰਤਰੀ ਤੇ ਪੰਜਾਬ ਦੇ ਚੋਣ ਇੰਚਾਰਜ ਹਰਦੀਪ ਸਿੰਘ ਪੁਰੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪ੍ਰਦੇਸ਼ ਇੰਚਾਰਜ ਦੁਸ਼ਯੰਤ ਗੌਤਮ ਤੇ ਭਾਜਪਾ ਦੇ ਕੌਮੀ ਮੀਡੀਆ ਇੰਚਾਰਜ ਅਨਿਲ ਬਲੂਨੀ ਅਤੇ ਆਰਪੀ ਸਿੰਘ ਵੀ ਮੌਜੂਦ ਸਨ। ਇਹ ਦਲ ਬਦਲੀ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜ ਰਾਜਾਂ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੋਈ ਹੈ। ਬੀਤੇ ਦਿਨੀਂ ਭਾਜਪਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇਕਬਾਲ ਸਿੰਘ ਲਾਲਪੁਰਾ ਦੀ ਨਿਯੁਕਤੀ ਕੀਤੀ ਸੀ। ਹੁਣ ਰਾਮਗੜ੍ਹੀਆ ਭਾਈਚਾਰੇ ਦੇ ਅਹਿਮ ਆਗੂ ਨੂੰ ਸ਼ਾਮਲ ਕਰਕੇ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਓਬੀਸੀ ਵੋਟਾਂ ਉਪਰ ਨਜ਼ਰ ਟਿਕਾ ਲਈ ਹੈ। ਇੰਦਰਜੀਤ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਗੌਤਮ ਨੇ ਕਿਹਾ ਕਿ ਉਹ ਪੰਜਾਬ ਤੇ ਦੇਸ਼ ਭਰ ਵਿੱਚ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਰਹੇ ਹਨ। ਨਰਿੰਦਰ ਮੋਦੀ ਸਰਕਾਰ ਦੇ ਕੰਮਾਂ ’ਤੇ ਚਾਨਣਾ ਪਾਉਂਦਿਆਂ ਗੌਤਮ ਨੇ ਕਿਹਾ ਕਿ ਮੋਦੀ ਸਰਕਾਰ ਨੇ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਯਕੀਨੀ ਬਣਾਇਆ ਹੈ। ਸਾਬਕਾ ਰਾਸ਼ਟਰਪਤੀ ਨੂੰ ਯਾਦ ਕਰਦਿਆਂ ਹਰਦੀਪ ਸਿੰਘ ਪੁਰੀ ਨੇ ਕਿਹਾ,‘ਮੈਂ ਉਨ੍ਹਾਂ ਨਾਲ ਉਦੋਂ ਕੰਮ ਕੀਤਾ, ਜਦੋਂ ਜ਼ੈਲ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਤੇ ਬਾਅਦ ਵਿੱਚ ਰਾਸ਼ਟਰਪਤੀ ਸਨ।’ ਪੁਰੀ ਨੇ ਪੰਜਾਬ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਇੰਦਰਜੀਤ ਸਿੰਘ ਵੱਲੋਂ ਕੀਤੇ ਸਮਾਜਿਕ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨਗੇ ਤੇ ਭਾਜਪਾ ਉਨ੍ਹਾਂ ਦੇ ਸਮਾਜਿਕ ਕਾਰਜਾਂ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਯੋਜਨਾਵਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਜਾਂ ਆਯੂਸ਼ਮਾਨ ਯੋਜਨਾ ਨੂੰ ਲਾਗੂ ਨਹੀਂ ਕੀਤਾ।
‘ਮੇਰੇ ਦਾਦਾ ਜੀ ਕਾਂਗਰਸ ਤੋਂ ਦੁਖੀ ਸਨ’
ਇੰਦਰਜੀਤ ਸਿੰਘ ਨੇ ਸਾਬਕਾ ਰਾਸ਼ਟਰਪਤੀ ਦਾ ਇਲਾਜ ਨਾ ਕਰਨ ’ਤੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ,‘ਮੇਰੇ ਦਾਦਾ ਜੀ ਕਾਂਗਰਸ ਪਾਰਟੀ ਦੇ ਰਵੱਈਏ ਤੋਂ ਦੁਖੀ ਸਨ। ਜਦੋਂ ਮੈਂ ਰਾਜਨੀਤੀ ਵਿੱਚ ਆਉਣ ਦੀ ਇੱਛਾ ਜ਼ਾਹਰ ਕੀਤੀ ਮੇਰੇ ਦਾਦਾ ਜੀ ਨੇ ਮੈਨੂੰ ਅਟਲ ਬਿਹਾਰੀ ਵਾਜਪਾਈ ਤੇ ਲਾਲ ਕ੍ਰਿਸ਼ਨ ਅਡਵਾਨੀ ਤੋਂ ਆਸ਼ੀਰਵਾਦ ਲੈਣ ਲਈ ਕਿਹਾ। ਜਦੋਂ ਭਾਜਪਾ ਦੇ ਸੀਨੀਅਰ ਨੇਤਾ ਮਦਨ ਲਾਲ ਖੁਰਾਣਾ ਦਿੱਲੀ ਦੇ ਮੁੱਖ ਮੰਤਰੀ ਸਨ, ਮੈਂ ਪਾਰਟੀ ਵਿੱਚ ਸ਼ਾਮਲ ਹੋਏ ਬਿਨਾਂ ਭਾਜਪਾ ਲਈ ਪ੍ਰਚਾਰ ਕੀਤਾ ਸੀ। ਅੱਜ ਮੇਰੇ ਦਾਦਾ ਜੀ ਖੁਸ਼ ਹੋਣਗੇ ਕਿ ਮੈਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਸਹੀ ਫੈਸਲਾ ਕੀਤਾ।’